ਹਿਮਾਚਲ ’ਚ ਮੁੜ ਸਿੱਖ ਕਕਾਰਾਂ ’ਤੇ ਇਤਰਾਜ਼! ਪਟਵਾਰੀ ਪ੍ਰੀਖਿਆ ’ਚੋਂ ਬਾਹਰ ਕੀਤੀ ਸਿੱਖ ਪ੍ਰੀਖਿਆਰਥੀ; ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਲਿਆ ਸਖ਼ਤ ਨੋਟਿਸ

ਹਿਮਾਚਲ ’ਚ ਮੁੜ ਸਿੱਖ ਕਕਾਰਾਂ ’ਤੇ ਇਤਰਾਜ਼! ਪਟਵਾਰੀ ਪ੍ਰੀਖਿਆ ’ਚੋਂ ਬਾਹਰ ਕੀਤੀ ਸਿੱਖ ਪ੍ਰੀਖਿਆਰਥੀ; ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਲਿਆ ਸਖ਼ਤ ਨੋਟਿਸ

ਊਨਾ ਜ਼ਿਲ੍ਹੇ ’ਚ ਪਟਵਾਰੀ ਭਰਤੀ ਪ੍ਰੀਖਿਆ ਦੌਰਾਨ ਬੀਬੀ ਰਾਜਵਿੰਦਰ ਕੌਰ ਨੂੰ ਰੋਕਣ ਦਾ ਮਾਮਲਾ; ਧਾਰਮਿਕ ਤੇ ਸੰਵਿਧਾਨਕ ਅਧਿਕਾਰਾਂ ਦੀ ਉਲੰਘਣਾ ਕਰਾਰ
ਅੰਮਿ੍ਰਤਸਰ, 27 ਨਵੰਬਰ (ਪੰਜਾਬੀ ਰਾਈਟਰ)- ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਵਿੱਚ ਪਟਵਾਰੀ ਭਰਤੀ ਪ੍ਰੀਖਿਆ ਦੌਰਾਨ ਇੱਕ ਸਿੱਖ ਪ੍ਰੀਖਿਆਰਥੀ ਬੀਬੀ ਰਾਜਵਿੰਦਰ ਕੌਰ ਨੂੰ ਕਕਾਰ ਪਹਿਨੇ ਹੋਣ ਕਾਰਨ ਪ੍ਰੀਖਿਆ ਕੇਂਦਰ ਵਿੱਚ ਬੈਠਣ ਤੋਂ ਰੋਕੇ ਜਾਣ ਦਾ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਇਸ ਕਾਰਵਾਈ ਦੀ ਨਿਖੇਧੀ ਕਰਦਿਆਂ ਇਸ ਨੂੰ ਸਿੱਖਾਂ ਦੇ ਧਾਰਮਿਕ ਅਤੇ ਸੰਵਿਧਾਨਕ ਅਧਿਕਾਰਾਂ ’ਤੇ ਸਿੱਧਾ ਹਮਲਾ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕਕਾਰ ਸਿੱਖ ਰਹਿਣੀ-ਬਹਿਣੀ ਦਾ ਅਟੁੱਟ ਅੰਗ ਹਨ, ਜਿਨ੍ਹਾਂ ਨੂੰ ਕੋਈ ਵੀ ਅੰਮਿ੍ਰਤਧਾਰੀ ਸਿੱਖ ਆਪਣੇ ਸਰੀਰ ਤੋਂ ਵੱਖ ਨਹੀਂ ਕਰ ਸਕਦਾ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਮਹਿਜ ਧਾਰਮਿਕ ਚਿੰਨ੍ਹ ਹੀ ਨਹੀਂ, ਸਗੋਂ ਸਿੱਖ ਦੀ ਵਿਲੱਖਣ ਪਛਾਣ ਅਤੇ ਗੁਰੂ ਸਾਹਿਬ ਪ੍ਰਤੀ ਸਮਰਪਣ ਦਾ ਪ੍ਰਤੀਕ ਹਨ। ਭਾਰਤ ਦਾ ਸੰਵਿਧਾਨ ਹਰ ਨਾਗਰਿਕ ਨੂੰ ਆਪਣੇ ਧਰਮ ਦੀ ਆਜਾਦੀ ਨਾਲ ਪਾਲਣਾ ਕਰਨ ਦਾ ਅਧਿਕਾਰ ਦਿੰਦਾ ਹੈ ਅਤੇ ਕਿਸੇ ਵੀ ਪ੍ਰੀਖਿਆ ਜਾਂ ਭਰਤੀ ਪ੍ਰਕਿਰਿਆ ਦੌਰਾਨ ਸਿੱਖ ਵਿਦਿਆਰਥੀਆਂ ਨੂੰ ਕਕਾਰ ਉਤਾਰਨ ਲਈ ਮਜਬੂਰ ਕਰਨਾ ਸੰਵਿਧਾਨਕ ਹੱਕਾਂ ਦੀ ਸਰ੍ਹੇਆਮ ਉਲੰਘਣਾ ਹੈ।
ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ ਕਾਰਵਾਈ ਤੇ ਵਿਸ਼ੇਸ਼ ਮੌਕੇ ਦੀ ਮੰਗ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨਾਲ ਜਿੱਥੇ ਸਿੱਖ ਵਿਦਿਆਰਥੀਆਂ ਨੂੰ ਡੂੰਘੀ ਮਾਨਸਿਕ ਪੀੜਾ ਵਿੱਚੋਂ ਗੁਜਰਨਾ ਪੈਂਦਾ ਹੈ, ਉੱਥੇ ਹੀ ਉਨ੍ਹਾਂ ਦੇ ਭਵਿੱਖ ਨਾਲ ਵੀ ਖਿਲਵਾੜ ਹੁੰਦਾ ਹੈ। ਉਨ੍ਹਾਂ ਹਿਮਾਚਲ ਪ੍ਰਦੇਸ਼ ਸਰਕਾਰ ਅਤੇ ਸਬੰਧਤ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਇਸ ਪੂਰੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾ ਕੇ ਜ਼ਿੰਮੇਵਾਰ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ। ਇਸ ਦੇ ਨਾਲ ਹੀ ਐਡਵੋਕੇਟ ਧਾਮੀ ਨੇ ਜ਼ੋਰ ਦੇ ਕੇ ਕਿਹਾ ਕਿ ਪ੍ਰਭਾਵਿਤ ਸਿੱਖ ਵਿਦਿਆਰਥਣ ਬੀਬੀ ਰਾਜਵਿੰਦਰ ਕੌਰ ਦੀ ਸਾਲਾਂ ਦੀ ਮਿਹਨਤ ਅਤੇ ਭਵਿੱਖ ਨਾਲ ਨਿਆਂ ਕਰਦਿਆਂ ਉਸ ਨੂੰ ਮੁੜ ਪ੍ਰੀਖਿਆ ਦੇਣ ਦਾ ਵਿਸ਼ੇਸ਼ ਮੌਕਾ ਦਿੱਤਾ ਜਾਵੇ। ਉਨ੍ਹਾਂ ਮੰਗ ਕੀਤੀ ਕਿ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਦੇਸ਼ ਭਰ ਦੇ ਸਾਰੇ ਪ੍ਰੀਖਿਆ ਕੇਂਦਰਾਂ ਨੂੰ ਸਿੱਖ ਧਰਮ ਦੇ ਕਕਾਰਾਂ ਸਬੰਧੀ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਜਾਣ।