ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਫ਼ਦ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਫ਼ਦ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 3 ਸਤੰਬਰ (ਪੰਜਾਬੀ ਰਾਈਟਰ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਵਫ਼ਦ ਨੇ ਅੱਜ ਚੰਡੀਗੜ੍ਹ ਵਿੱਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਸੁਖਬੀਰ ਬਾਦਲ ਨੇ ਮੁੱਖ ਮੰਤਰੀ ਦਫ਼ਤਰ ਦੇ ਅਧਿਕਾਰੀਆਂ ਅਤੇ ਮੁੱਖ ਮੰਤਰੀ ਦੀ ਪਤਨੀ ’ਤੇ ਭ੍ਰਿਸ਼ਟਾਚਾਰ ਦੇ ਲੱਗ ਰਹੇ ਦੋਸ਼ਾਂ ਦੀ ਸੀ.ਬੀ.ਆਈ. ਤੋਂ ਜਾਂਚ ਕਰਾਉਣ ਦੀ ਮੰਗ ਕੀਤੀ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ, ਬਿਕਰਮ ਸਿੰਘ ਮਜੀਠੀਆ, ਡਾ. ਦਲਜੀਤ ਸਿੰਘ ਚੀਮਾ ਅਤੇ ਸਿਕੰਦਰ ਸਿੰਘ ਮਲੂਕਾ ਵੀ ਮੌਜੂਦ ਸਨ।
ਸੁਖਬੀਰ ਬਾਦਲ ਨੇ ਰਾਜਪਾਲ ਨੂੰ ਮੰਗ ਪੱਤਰ ਸੌਂਪਣ ਮਗਰੋਂ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਦਫ਼ਤਰ ਦੇ ਸੀਨੀਅਰ ਆਗੂਆਂ ’ਤੇ ਭ੍ਰਿਸ਼ਟਾਚਾਰ ਦੇ ਵੱਡੇ-ਵੱਡੇ ਦੋਸ਼ ਲੱਗ ਰਹੇ ਹਨ। ਉਨ੍ਹਾਂ ਕਿਹਾ ਕਿ ਐਨਫ਼ੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ 1 ਸਤੰਬਰ ਨੂੰ ਹਲਫ਼ੀਆ ਬਿਆਨ ਦਾਇਰ ਕਰ ਕੇ ਦੱਸਿਆ ਹੈ ਕਿ ਪੰਜਾਬ ਵਿਚ ਮੁੱਖ ਮੰਤਰੀ ਦਫ਼ਤਰ ਨੂੰ ਅਫ਼ਸਰਾਂ, ਸਰਕਾਰੀ ਟੈਂਡਰਾਂ, ਹਥਿਆਰਾਂ ਦੇ ਲਾਇਸੈਂਸਾਂ ਅਤੇ ਜ਼ਮੀਨ ਦੇ ਸੌਦਿਆਂ ਵਾਸਤੇ ਸੌਦੇਬਾਜ਼ੀ ਦੀ ਥਾਂ ਬਣਾਇਆ ਗਿਆ ਹੈ। ਵਫ਼ਦ ਨੇ ਰਾਜਪਾਲ ਨੂੰ ਅਪੀਲ ਕੀਤੀ ਕਿ ਉਹ ਰਾਜ ਸਰਕਾਰ ਦੇ ਨਾਲ-ਨਾਲ ਕੇਂਦਰ ਸਰਕਾਰ ਨੂੰ ਹਦਾਇਤ ਦੇਣ ਕਿ ਉਹ ਅਦਾਲਤ ਦੀ ਨਿਗਰਾਨੀ ਹੇਠ ਸਮੇਂਬੱਧ ਢੰਗ ਨਾਲ ਈ.ਡੀ. ਦੇ ਹਵਾਲੇ ਨਾਲ ਸਾਰੇ ਭ੍ਰਿਸ਼ਟਾਚਾਰ ਦੇ ਕੇਸਾਂ ਦੀ ਸੀ ਬੀ ਆਈ ਜਾਂਚ ਕਰਵਾਉਣ, ਜਿਸ ਨਾਲ ਸੱਚ ਸਾਹਮਣੇ ਆ ਸਕੇ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਮੁੱਖ ਮੰਤਰੀ ਦੀ ਪਤਨੀ ’ਤੇ ਲੱਗੇ ਦੋਸ਼ਾਂ ਸਬੰਧੀ ਪਾਰਟੀ ਦੀ ਸੀਨੀਅਰ ਆਗੂ ਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਵੱਲੋਂ 5 ਸਤੰਬਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ ਅਤੇ ਸਾਰੇ ਹਲਕਿਆਂ ਵਿਚ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪੀੜਤਾਂ ਨੂੰ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਰੋਸ ਮੁਜ਼ਾਹਰੇ ਜਾਰੀ ਰਹਿਣਗੇ।
ਅਕਾਲੀਆਂ ਕੋਲ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਪੰਨੂ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਅਕਾਲੀ ਦਲ ਦੇ ਆਗੂ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਬਦਨਾਮ ਕਰਨ ਲਈ ਸਿਆਸਤ ਕਰਨ ਲੱਗੇ ਹੋਏ ਹਨ। ਮੁੱਖ ਮੰਤਰੀ ਤੇ ਉਨ੍ਹਾਂ ਦੇ ਪਰਿਵਾਰ ਖ਼ਿਲਾਫ਼ ਲਗਾਏ ਜਾ ਰਹੇ ਦੋਸ਼ ਬੇਬੁਨਿਆਦ ਹਨ ਅਤੇ ਨਾ ਤਾਂ ਕਥਿਤ ਆਡੀਓ ਰਿਕਾਰਡਿੰਗਾਂ ਅਤੇ ਨਾ ਹੀ ਉਨ੍ਹਾਂ ਨਾਲ ਜੁੜੇ ਦਾਅਵਿਆਂ ਦੀ ਸੁਤੰਤਰ ਤੌਰ ’ਤੇ ਪੁਸ਼ਟੀ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ 2007 ਤੋਂ 2017 ਤੱਕ ਦੇ ਜੰਗਲ ਰਾਜ ਨੂੰ ਨਹੀਂ ਭੁੱਲੇ ਹਨ। ਜਦੋਂ ਉਸ ਸਮੇਂ ਦੇ ਸੱਤਾਧਾਰੀਆਂ ’ਤੇ ਸਵਾਲ ਚੁੱਕੇ ਗਏ ਸਨ ਤਾਂ ਅਕਾਲੀ ਲੀਡਰਸ਼ਿਪ ਨੇ ਉਸ ਤਤਪਰਤਾ ਨਾਲ ਜਵਾਬ ਨਹੀਂ ਦਿੱਤਾ ਸੀ, ਜਿਸ ਦੀ ਉਹ ਅੱਜ ਦੂਜਿਆਂ ਤੋਂ ਮੰਗ ਕਰ ਰਹੀ ਹੈ।