ਅੰਬਾਲਾ 'ਚ ਗੁਰਸਿਮਰਨ ਮੰਡ ਦੀ ਕੁੱਟਮਾਰ ਦੇ ਮਾਮਲੇ ਵਿਚ ਦੋ ਨੌਜਵਾਨ ਗ੍ਰਿਫ਼ਤਾਰ

ਅੰਬਾਲਾ 'ਚ ਗੁਰਸਿਮਰਨ ਮੰਡ ਦੀ ਕੁੱਟਮਾਰ ਦੇ ਮਾਮਲੇ ਵਿਚ ਦੋ ਨੌਜਵਾਨ ਗ੍ਰਿਫ਼ਤਾਰ

ਅੰਬਾਲਾ, 9 ਅਗਸਤ (ਪੰਜਾਬੀ ਰਾਈਟਰ)- ਗੁਰਦੁਆਰਾ ਸ੍ਰੀ ਪੰਜੋਖਰਾ ਸਾਹਿਬ ਵਿੱਚ ਇੰਟਰਨੈਸ਼ਨਲ ਐਂਟੀ ਖਾਲਿਸਤਾਨੀ ਟੈਰੋਰਿਸਟ ਫਰੰਟ ਦੇ ਪ੍ਰਧਾਨ ਤੇ ਲੁਧਿਆਣਾ ਦੇ ਆਗੂ ਗੁਰਸਿਮਰਨ ਸਿੰਘ ਮੰਡ ਦੀ ਕੁੱਟਮਾਰ ਦੇ ਮਾਮਲੇ ਵਿੱਚ ਅੱਜ ਤੜਕੇ ਪੁਲੀਸ ਵੱਲੋਂ ਦੋ ਨੌਜਵਾਨਾਂ ਨੂੰ ਹਿਰਾਸਤ ਵਿਚ ਲਿਆ ਗਿਆ ਜਿਨ੍ਹਾਂ ਨੂੰ ਬਾਅਦ ਵਿੱਚ ਵੱਡੀ ਗਿਣਤੀ ਸ਼ਰਧਾਲੂਆਂ ਦੇ ਇਕੱਠੇ ਹੋਣ ਤੇ ਰੋਸ ਪ੍ਰਗਟ ਕਰਨ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ।
ਦੱਸਿਆ ਗਿਆ ਹੈ ਕਿ ਦੋਵਾਂ ਦੀ ਗ੍ਰਿਫ਼ਤਾਰੀ ਇਸ ਸਬੰਧੀ ਦਰਜ ਐਫ਼ ਆਈ ਆਰ ਦੇ ਆਧਾਰ ’ਤੇ ਕੀਤੀ ਗਈ ਸੀ। ਇਹ ਘਟਨਾ ਗੁਰੂ ਹਰਕ੍ਰਿਸ਼ਨ ਦੇ ਪ੍ਰਕਾਸ਼ ਪੁਰਬ ਮੌਕੇ ਵਾਪਰੀ ਸੀ।
ਇਸੇ ਦੌਰਾਨ ਗੁਰਦੁਆਰਾ ਪ੍ਰਸ਼ਾਸਨ ਵੱਲੋਂ ਗੁਰਸਿਮਰਨ ਸਿੰਘ ਮੰਡ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਗੁਰਦੁਆਰਾ ਸਾਹਿਬ ਦੀ ਸ਼ਾਂਤੀ ਤੇ ਮਰਿਆਦਾ ਭੰਗ ਕਰਨ ਦੇ ਦੋਸ਼ਾਂ ਤਹਿਤ ਕਾਰਵਾਈ ਦੀ ਮੰਗ ਕਰਦਿਆਂ ਪੁਲੀਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ।
ਜ਼ਿਕਰਯੋਗ ਹੈ ਕਿ ਮੰਡ ਦੀ ਤੇਜ਼ ਰਫ਼ਤਾਰ ਕਾਰ ਦੀ ਟੱਕਰ ਕਾਰਨ ਜ਼ਖ਼ਮੀ ਹੋਏ 27 ਸਾਲਾ ਸੁਰਿੰਦਰ ਸਿੰਘ ਨੇ ਬਿਆਨ ਦਰਜ ਕਰਵਾਇਆ ਹੈ। ਇਸ ਤੋਂ ਬਾਅਦ ਸੰਗਤ ਅਤੇ ਪ੍ਰਸ਼ਾਸਨ ਵਿਚਾਲੇ ਗੱਲਬਾਤ ਤੋਂ ਬਾਅਦ ਡੇਢ ਘੰਟੇ ਦਾ ਅਲਟੀਮੇਟਮ ਦਿੱਤਾ ਗਿਆ, ਜਿਸ ਉਪਰੰਤ ਦੋਵੇਂ ਨੌਜਵਾਨ ਰਿਹਾਅ ਕਰ ਦਿੱਤੇ ਗਏ।
ਜ਼ਿਕਰਯੋਗ ਹੈ ਕਿ ਸੱਤ ਅਗਸਤ ਨੂੰ ਗੁਰਸਿਮਰਨ ਸਿੰਘ ਮੰਡ ਦੇ ਕਾਫ਼ਲੇ ਦਾ ਇੱਕ ਵਾਹਨ ਸੰਗਤ ਵਿੱਚੋਂ ਲੰਘਣ ਲੱਗਾ ਤਾਂ ਇਹ ਸ਼ਰਧਾਲੂਆਂ ਵਿਚ ਜਾ ਵੱਜਿਆ ਜਿਸ ਦੌਰਾਨ ਕੁਝ ਸ਼ਰਧਾਲੂ ਜ਼ਖ਼ਮੀ ਹੋ ਗਏ। ਸ਼ਰਧਾਲੂਆਂ ਨੇ ਵਾਹਨ ਨੂੰ ਲਾਪ੍ਰਵਾਹੀ ਨਾਲ ਚਲਾਉਣ ਦਾ ਦੋਸ਼ ਲਾਇਆ। ਇਸ ਤੋਂ ਬਾਅਦ ਮੌਕੇ 'ਤੇ ਮੌਜੂਦ ਸੰਗਤ ਨੇ ਗੁਰਸਿਮਰਨ ਸਿੰਘ ਮੰਡ ਦੀ ਕੁੁੱਟਮਾਰ ਕੀਤੀ। ਇਸ ਤੋਂ ਬਾਅਦ ਕੁਝ ਸਮੇਂ ਲਈ ਮਾਹੌਲ ਤਣਾਅਪੂਰਨ ਬਣਿਆ ਰਿਹਾ।