ਕਿਸਾਨਾਂ ਨੇ ਚਾਰ ਘੰਟੇ ਰੇਲਾਂ ਰੋਕੀਆਂ

ਕਿਸਾਨਾਂ ਨੇ ਚਾਰ ਘੰਟੇ ਰੇਲਾਂ ਰੋਕੀਆਂ

ਚੰਡੀਗੜ੍ਹ - ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ ’ਤੇ ਸੂਬੇ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਨੇ ਅੱਜ ਪੰਜਾਬ ਵਿੱਚ 75 ਥਾਵਾਂ ’ਤੇ ਰੇਲ ਗੱਡੀਆਂ ਰੋਕ ਕੇ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤੇ। ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਬਜ਼ੁਰਗਾਂ ਤੇ ਕਿਸਾਨ ਬੀਬੀਆਂ ਨੇ ਦੁਪਹਿਰ 12 ਵਜੇ ਤੋਂ ਸ਼ਾਮ ਚਾਰ ਵਜੇ ਤੱਕ ਰੇਲ ਪਟੜੀਆਂ ’ਤੇ ਧਰਨੇ ਦਿੱਤੇ। ਕਿਸਾਨ ਜਥੇਬੰਦੀਆਂ ਨੇ ਹਰਿਆਣਾ ਵਿੱਚ ਵੀ ਤਿੰਨ ਥਾਵਾਂ ’ਤੇ ਰੇਲ ਗੱਡੀਆਂ ਰੋਕ ਕੇ ਪ੍ਰਦਰਸ਼ਨ ਕੀਤੇ ਜਦੋਂ ਕਿ ਕੁਝ ਥਾਈਂ ਪਟੜੀਆਂ ਦਾ ਘਿਰਾਓ ਕਰਨ ਜਾਂਦੇ ਕਿਸਾਨਾਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ। ਕਿਸਾਨਾਂ ਨੇ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਮੋਗਾ, ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਫ਼ਰੀਦਕੋਟ, ਬਠਿੰਡਾ, ਲੁਧਿਆਣਾ, ਨਵਾਂਸ਼ਹਿਰ, ਪਟਿਆਲਾ, ਫਤਹਿਗੜ੍ਹ ਸਾਹਿਬ ਅਤੇ ਰੋਪੜ ਸਣੇ ਹੋਰ ਸ਼ਹਿਰਾਂ ਵਿੱਚ ਰੇਲ ਪਟੜੀਆਂ ’ਤੇ ਧਰਨੇ ਦਿੱਤੇ। ਕਿਸਾਨ ਅੰਦੋਲਨ ਦੀ ਅਗਵਾਈ ਕਰ ਰਹੇ ਸਰਵਣ ਸਿੰਘ ਪੰਧੇਰ ਤੇ ਜਗਜੀਤ ਸਿੰਘ ਡੱਲੇਵਾਲ ਨੇ ਵੀ ਧਰਨਿਆਂ ’ਚ ਸ਼ਮੂਲੀਅਤ ਕੀਤੀ। ਕਿਸਾਨ ਆਗੂਆਂ ਨੇ ਹਰਿਆਣਾ ਪੁਲੀਸ ਨੂੰ ਹਿਰਾਸਤ ਵਿੱਚ ਲਏ ਕਿਸਾਨ ਜਲਦੀ ਛੱਡਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਪੁਲੀਸ ਵੱਲੋਂ ਕਿਸਾਨਾਂ ਨੂੰ ਨਾ ਛੱਡਿਆ ਗਿਆ ਤਾਂ ਹਰਿਆਣਾ ਪੁਲੀਸ ਖ਼ਿਲਾਫ਼ ਵੀ ਸੰਘਰਸ਼ ਵਿੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਦੇ ਨੁਮਾਇੰਦੇ ਕਹਿੰਦੇ ਹਨ ਕਿ ਕਿਸਾਨ ਝੋਨਾ ਲਾਉਣਾ ਬੰਦ ਕਰਨ। ਉਨ੍ਹਾਂ ਕਿਹਾ ਕਿ ਜੇਕਰ ਸਾਰੀਆਂ ਫ਼ਸਲਾਂ ਦੀ ਖਰੀਦ ਐੱਮਐੱਸਪੀ ’ਤੇ ਯਕੀਨੀ ਹੋਵੇਗੀ ਤਾਂ ਕਿਸਾਨ ਆਪਣੇ-ਆਪ ਹੀ ਝੋਨੇ ਵਿੱਚੋਂ ਬਾਹਰ ਆ ਜਾਵੇਗਾ। ਉਨ੍ਹਾਂ ਕਿਹਾ ਕਿ ਅੰਦੋਲਨ ਕਿਸਾਨਾਂ ਦੀ ਮਜਬੂਰੀ ਹੈ ਅਤੇ ਜਦੋਂ ਤੱਕ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨਦੀ ਉੱਦੋਂ ਤੱਕ ਸੰਘਰਸ਼ ਜਾਰੀ ਰਹੇਗਾ।