
ਲੁਧਿਆਣਾ,(ਪੰਜਾਬੀ ਰਾਈਟਰ)- ਸੰਗਰੂਰ ਜੇਲ੍ਹ ਵਿੱਚ ਸਾਗਰ ਨਿਊਟਨ ਦੀ ਸ਼ੱਕੀ ਹਾਲਤ ਵਿੱਚ ਮੌਤ ਹੋਣ ਮਗਰੋਂ ਅੱਜ ਇੱਥੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਉਸ ਦੀ ਲਾਸ਼ ਆਰਤੀ ਚੌਕ ਵਿੱਚ ਰੱਖ ਕੇ ਫਿਰੋਜ਼ਪੁਰ ਰੋਡ ’ਤੇ ਜਾਮ ਲਾ ਦਿੱਤਾ। ਪਰਿਵਾਰਕ ਮੈਂਬਰਾਂ ਨੇ ਜੇਲ੍ਹ ਪ੍ਰਸ਼ਾਸਨ ’ਤੇ ਸਾਗਰ ਦਾ ਕਤਲ ਕਰਵਾਉਣ ਦਾ ਦੋਸ਼ ਲਾਇਆ। ਜਾਮ ਕਾਰਨ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਤੇ ਜੇਲ੍ਹ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨ ਦੀ ਸੂਚਨਾ ਮਿਲਦਿਆਂ ਹੀ ਥਾਣਾ ਹੈਬੋਵਾਲ, ਡਿਵੀਜ਼ਨ ਨੰਬਰ 8, ਸਰਾਭਾ ਨਗਰ ਪੁਲੀਸ ਸਟੇਸ਼ਨ ਦੀ ਪੁਲੀਸ ਟੀਮ ਮੌਕੇ ’ਤੇ ਪੁੱਜੀ। ਜ਼ਿਕਰਯੋਗ ਹੈ ਕਿ ਗੈਂਗਸਟਰ ਸਾਗਰ ਨਿਊਟਨ ਵਿਰੁੱਧ ਕਤਲ, ਕਤਲ ਦੀ ਕੋਸ਼ਿਸ਼, ਡਕੈਤੀ ਸਣੇ ਕਰੀਬ 18 ਕੇਸ ਦਰਜ ਹਨ। ਉਹ ਕੁਝ ਸਮੇਂ ਲਈ ਸੰਗਰੂਰ ਜੇਲ੍ਹ ਵਿੱਚ ਬੰਦ ਰਿਹਾ। ਸਾਗਰ ਦੀ ਮਾਂ ਨੇ ਦੱਸਿਆ ਕਿ 21 ਜਨਵਰੀ ਨੂੰ ਉਸ ਨੂੰ ਇੱਕ ਮਾਮਲੇ ਵਿੱਚ ਲੁਧਿਆਣਾ ਵਿੱਚ ਪੇਸ਼ ਕਰਨਾ ਸੀ। ਉਹ ਉਸ ਨੂੰ ਮਿਲੀ ਸੀ, ਉਹ ਬਿਲਕੁਲ ਠੀਕ ਸੀ।
ਸਾਗਰ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਸੰਗਰੂਰ ਜੇਲ੍ਹ ਪ੍ਰਸ਼ਾਸਨ ਨੇ ਉਸ ਦੀ ਸਿਹਤ ਖਰਾਬ ਹੋਣ ਦੀ ਸੂਚਨਾ ਵੀ ਨਹੀਂ ਦਿੱਤੀ। ਉਨ੍ਹਾਂ ਦੱਸਿਆ ਕਿ ਸਾਗਰ ਨੇ ਆਪਣੇ ਮਾਮੇ ਨਾਲ ਗੱਲ ਕੀਤੀ ਸੀ ਅਤੇ ਉਸ ਸਮੇਂ ਸਾਗਰ ਨੇ ਦੱਸਿਆ ਸੀ ਕਿ ਉਸ ਦੇ ਪਤਾ ਨਹੀਂ ਕਿਹੜਾ ਟੀਕਾ ਲਗਾਇਆ ਗਿਆ ਹੈ ਅਤੇ ਉਸ ਦੇ ਪੈਰਾਂ ਵਿੱਚ ਬਹੁਤ ਦਰਦ ਹੈ। ਅਗਲੇ ਦਿਨ ਉਸ ਨੂੰ ਸੰਗਰੂਰ ਹਸਪਤਾਲ ਦਾਖ਼ਲ ਕਰਵਾਇਆ ਗਿਆ ਜਿੱਥੋਂ ਉਸ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਭੇਜਿਆ ਗਿਆ ਅਤੇ ਉੱਥੋਂ ਪੀਜੀਆਈ ਚੰਡੀਗੜ੍ਹ ਭੇਜਿਆ ਗਿਆ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਸੰਗਰੂਰ ਜੇਲ੍ਹ ਪ੍ਰਸ਼ਾਸਨ ਨੇ ਤਿੰਨ ਹਸਪਤਾਲ ਬਦਲ ਦਿੱਤੇ ਪਰ ਪਰਿਵਾਰ ਨੂੰ ਕੋਈ ਜਾਣਕਾਰੀ ਨਹੀਂ ਦਿੱਤੀ। ਉਸ ਦੀ ਚੰਡੀਗੜ੍ਹ ਪੀਜੀਆਈ ਵਿੱਚ ਮੌਤ ਮਗਰੋਂ ਪਰਿਵਾਰਕ ਮੈਂਬਰਾਂ ਨੂੰ ਦੱਸਿਆ ਗਿਆ। ਪਰਿਵਾਰਕ ਮੈਂਬਰਾਂ ਨੇ ਪੁਲੀਸ ਅੱਗੇ ਮੰਗ ਰੱਖੀ ਕਿ ਜੇਲ੍ਹ ਵਿੱਚ ਬੰਦ ਸਾਗਰ ਦੀ ਪਤਨੀ ਵੰਸ਼ਿਕਾ ਨੂੰ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਵੇ। ਮਗਰੋਂ ਪੁਲੀਸ ਅਧਿਕਾਰੀਆਂ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਸਾਗਰ ਦੀ ਪਤਨੀ ਸ਼ਮਸ਼ਾਨਘਾਟ ਪਹੁੰਚੇਗੀ। ਇਸ ਮਗਰੋਂ ਮਾਮਲੇ ਨੂੰ ਸ਼ਾਂਤ ਕਰਵਾਇਆ ਗਿਆ। ਉੱਧਰ, ਏਸੀਪੀ ਗੁਰਦੇਵ ਸਿੰਘ ਨੇ ਕਿਹਾ ਕਿ ਅਦਾਲਤ ਦੇ ਹੁਕਮਾਂ ਅਨੁਸਾਰ ਜੇਲ੍ਹ ਪ੍ਰਸ਼ਾਸਨ ਨੇ ਵੰਸ਼ਿਕਾ ਨੂੰ ਸ਼ਮਸ਼ਾਨਘਾਟ ਲਿਆਉਣ ਦੀ ਇਜਾਜ਼ਤ ਦੇ ਦਿੱਤੀ ਹੈ ਜਿਸ ਮਗਰੋਂ ਪ੍ਰਦਰਸ਼ਨਕਾਰੀਆਂ ਨੇ ਧਰਨਾ ਸਮਾਪਤ ਕਰ ਦਿੱਤਾ।