
ਮੁੱਖ ਮੰਤਰੀ ਵੱਲੋਂ ਸਕੂਲੀ ਪਾੜ੍ਹਿਆਂ ਨੂੰ ਲੈਪਟਾਪ ਵੰਡਣ ਦੀ ਸ਼ੁਰੂਆਤ
ਲੁਧਿਆਣਾ,(ਪੰਜਾਬੀ ਰਾਈਟਰ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਜ਼ਿਲ੍ਹੇ ਦੇ ਪ੍ਰਸ਼ਾਸਨ ਦੇ ਡਿਜੀਟਲ ਸਿੱਖਿਆ ਪ੍ਰੋਗਰਾਮ ਤਹਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਲੈਪਟਾਪ ਵੰਡਣ ਦੀ ਸ਼ੁਰੂਆਤ ਕੀਤੀ। ਇਸ ਮੌਕੇ ਸੂਬੇ ਦੇ ਸਿੱਖਿਆ ਢਾਂਚੇ ਵਿੱਚ ਤਬਦੀਲੀ ਲਿਆਉਣ ਦੇ ਮੰਤਵ ਨਾਲ ਕੀਤੀ ਪਹਿਲਕਦਮੀ ਤਹਿਤ 14 ਸਕੂਲਾਂ ਦੇ ਵਿਦਿਆਰਥੀਆਂ ਨੂੰ ਲੈਪਟਾਪ ਵੰਡੇ ਗਏ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਖ਼ੁਸ਼ੀ ਦੀ ਗੱਲ ਹੈ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਡਿਜੀਟਲ ਸਿੱਖਿਆ ਦੇ ਮਾਹੌਲ ਵਿੱਚ ਲਾਜ਼ਮੀ ਉਪਕਰਨਾਂ ਨਾਲ ਲੈਸ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਰੇ ਵਿਦਿਆਰਥੀਆਂ ਦੀ ਸੁਰੱਖਿਆ ਤੇ ਸਿੱਖਿਆ ਤੱਕ ਪਹੁੰਚ ਯਕੀਨੀ ਬਣਾਉਂਦਿਆਂ ਇਹ ਲੈਪਟਾਪ ਡਿਜੀਟਲ ਸਿੱਖਿਆ ਦੇ ਪਸਾਰ ਦੀਆਂ ਕੋਸ਼ਿਸ਼ਾਂ ਦਾ ਹਿੱਸਾ ਹਨ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸ ਪਹਿਲਕਦਮੀ ਦੇ ਪਹਿਲੇ ਪੜਾਅ ਅਧੀਨ ਦਿੱਤੇ ਜਾ ਰਹੇ ਪ੍ਰਾਈਮ ਬੁੱਕ 4ਜੀ ਲੈਪਟਾਪ ਵਿਸ਼ਵ ਦੇ ਸਭ ਤੋਂ ਕਿਫ਼ਾਇਤੀ ਅਤੇ ਖ਼ਾਸ ਤੌਰ ਉੱਤੇ ਵਿਦਿਆਰਥੀਆਂ ਦੀਆਂ ਜ਼ਰੂਰਤਾਂ ਦੇ ਮੱਦੇਨਜ਼ਰ ਵਧੀਆ ਪ੍ਰਦਰਸ਼ਨ ਲਈ ਤਿਆਰ ਕੀਤੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਲੁਧਿਆਣਾ ਜ਼ਿਲ੍ਹੇ ਦੇ 14 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੰਡੇ ਜਾ ਰਹੇ ਇਹ ਲੈਪਟਾਪ ਈਆਈ, ਪੀਏਐਲ ਮਾਈਂਡਸਪਾਰਕ ਸਾਫਟਵੇਅਰ ਮਾਡਿਊਲ ਨਾਲ ਲੈਸ ਹਨ, ਜੋ ਵਿਅਕਤੀਗਤ ਅਨੁਕੂਲ ਸਿਖਲਾਈ ਮੁਹੱਈਆ ਕਰਦੇ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਦਾ ਮੰਤਵ ਵਿਦਿਆਰਥੀਆਂ ਦੀ ਡਿਜੀਟਲ ਸਿੱਖਿਆ ਤੱਕ ਪਹੁੰਚ ਯਕੀਨੀ ਬਣਾਉਣਾ ਹੈ ਤਾਂ ਜੋ ਹਰ ਤਰ੍ਹਾਂ ਦੇ ਪਿਛੋਕੜ ਵਾਲੇ ਵਿਦਿਆਰਥੀਆਂ ਦੀ ਆਧੁਨਿਕ ਤਕਨਾਲੋਜੀ ਤੱਕ ਪਹੁੰਚ ਵਿੱਚ ਸੁਧਾਰ ਕੀਤਾ ਜਾ ਸਕੇ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਈਆਈ, ਪੀਏਐੱਲ ਮਾਈਂਡਸਪਾਰਕ ਤਕਨਾਲੋਜੀ ਵਿਦਿਆਰਥੀਆਂ ਦੀ ਏਆਈ ਤਕਨੀਕ ਤੱਕ ਪਹੁੰਚ ਦੇ ਨਾਲ-ਨਾਲ ਵਿਅਕਤੀਗਤ ਲੋੜਾਂ ਮੁਤਾਬਕ ਸਿੱਖਿਆ ਉੱਤੇ ਜ਼ੋਰ ਦਿੰਦੀ ਹੈ।
ਇਸ ਦੌਰਾਨ ਡੀਸੀ ਜਤਿੰਦਰ ਜੋਰਵਾਲ ਨੇ ਕਿਹਾ ਕਿ ਇਹ ਪਹਿਲਕਦਮੀ ਵਿਦਿਅਕ ਨਤੀਜਿਆਂ ਵਿੱਚ ਸੁਧਾਰ ਲਿਆਉਣ ਲਈ ਤਜਰਬੇ ਦੇ ਮਾਡਲ ਉੱਤੇ ਆਧਾਰਤ ਹੈ, ਜਿਸ ਤਹਿਤ ਕਿਫ਼ਾਇਤੀ ਲੈਪਟਾਪ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਵਿਦਿਆਰਥੀਆਂ ਨੂੰ ਡਿਜੀਟਲ ਹੁਨਰ ਤੇ ਗਿਆਨ ਮੁਹੱਈਆ ਕਰੇਗਾ।