ਦੰਗਾ ਪੀੜਤਾਂ ਨੂੰ ਕੇਜਰੀਵਾਲ ਤੇ ਮਾਨ ਨਾਲ ਮਿਲਣ ਤੋਂ ਰੋਕਿਆ

ਦੰਗਾ ਪੀੜਤਾਂ ਨੂੰ ਕੇਜਰੀਵਾਲ ਤੇ ਮਾਨ ਨਾਲ ਮਿਲਣ ਤੋਂ ਰੋਕਿਆ

ਪੀੜਤਾਂ ਵੱਲੋਂ ਮੁੱਖ ਮੰਤਰੀ ਤੇ ‘ਆਪ’ ਕਨਵੀਨਰ ਖ਼ਿਲਾਫ਼ ਨਾਅਰੇਬਾਜ਼ੀ; ਮੁੱਖ ਮੰਤਰੀ ’ਤੇ ਪੀੜਤਾਂ ਨੂੰ ਸਮਾਂ ਦੇ ਕੇ ਨਾ ਮਿਲਣ ਦਾ ਦੋਸ਼

ਲੁਧਿਆਣਾ,(ਪੰਜਾਬੀ ਰਾਈਟਰ)- ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਹਲਕਾ ਪੱਛਮੀ ਦੇ ਹਲਕੇ ਹੈਬੋਵਾਲ ਵਿੱਚ ਰੱਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ 1984 ਦੇ ਦੰਗਾ ਪੀੜਤ ਪਰਿਵਾਰਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਨਾਅਰੇਬਾਜ਼ੀ ਉਦੋਂ ਕੀਤੀ ਜਦੋਂ ਪੁਲੀਸ ਵੱਲੋਂ ਉਨ੍ਹਾਂ ਨੂੰ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਤੋਂ ਰੋਕ ਦਿੱਤਾ ਗਿਆ ਸੀ। ਜ਼ਿਕਰਯੋਗ ਹੈ ਕਿ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਇੱਥੇ ਪੁੱਜੇ ਸਨ।

ਇਸ ਦੌਰਾਨ ਦੰਗਾ ਪੀੜਤ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਸੁਰਜੀਤ ਸਿੰਘ ਦੁੱਗਰੀ ਅਤੇ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਗੁਰਦੀਪ ਕੌਰ ਪੁਲੀਸ ਨੂੰ ਚਕਮਾ ਦੇ ਕੇ ਲੋਕ ਮਿਲਣੀ ਪ੍ਰੋਗਰਾਮ ਵਿੱਚ ਪਹੁੰਚ ਗਏ, ਜਦੋਂ ਉਨ੍ਹਾਂ ਨੇ ਖੜ੍ਹੇ ਹੋ ਕੇ ਕੇਜਰੀਵਾਲ ਨੂੰ ਸੰਬੋਧਨ ਕਰਨ ਦੀ ਕੋਸ਼ਿਸ਼ ਕੀਤੀ ਤਾਂ ਪੁਲੀਸ ਮੁਲਾਜ਼ਮਾਂ ਨੇ ਦੋਵਾਂ ਨੂੰ ਘੜੀਸ ਕੇ ਬਾਹਰ ਕੱਢ ਲਿਆਂਦਾ। ਇਸ ਦੌਰਾਨ ਸੁਸਾਇਟੀ ਦੇ ਪ੍ਰਧਾਨ ਸੁਰਜੀਤ ਸਿੰਘ ਦੁੱਗਰੀ ਦੀ ਅਗਵਾਈ ਹੇਠ ਵਰਕਰਾਂ ਨੇ ਪੰਜਾਬ ਸਰਕਾਰ ਤੇ ਪੁਲੀਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸੁਰਜੀਤ ਸਿੰਘ ਦੁੱਗਰੀ ਨੇ ਦੱਸਿਆ ਕਿ ਉਹ ਕੇਜਰੀਵਾਲ ਅੱਗੇ ਆਪਣੇ ਮਸਲੇ ਰੱਖਣੇ ਚਾਹੁੰਦੇ ਸਨ ਪਰ ਪੁਲੀਸ ਵੱਲੋਂ ਉਨ੍ਹਾਂ ਨੂੰ ਰੋਕ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਉਹ ਤਿੰਨ ਸਾਲਾਂ ਤੋਂ ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਲਈ ਸਮਾਂ ਮੰਗ ਰਹੇ ਸਨ ਪਰ ਮੁੱਖ ਮੰਤਰੀ ਨੇ ਦੋ ਵਾਰ ਮੀਟਿੰਗ ਰੱਖ ਕੇ ਰੱਦ ਕਰ ਦਿੱਤੀ ਸੀ। ਉਹ ਲੋਕ ਮਿਲਣੀ ਪ੍ਰੋਗਰਾਮ ਵਿੱਚ ਆਪਣੇ ਮਸਲੇ ਰੱਖਣ ਲਈ ਆਏ ਸਨ। ਬੀਬੀ ਗੁਰਦੀਪ ਕੌਰ ਤੇ ਸੁਰਜੀਤ ਸਿੰਘ ਦੁੱਗਰੀ ਨੇ ਕਿਹਾ ਕਿ ਹਲਕਾ ਪੱਛਮੀ ਦੀ ਚੋਣ ਮੁਹਿੰਮ ਦੌਰਾਨ ਉਹ ਭਗਵੰਤ ਮਾਨ ਸਰਕਾਰ ਖ਼ਿਲਾਫ਼ ਡੱਟ ਕੇ ਪ੍ਰਚਾਰ ਕਰਨਗੇ। ਇਸ ਮੌਕੇ ਅਮਰਜੀਤ ਸਿੰਘ, ਸਤਨਾਮ ਸੱਤਾ, ਇੰਦਰਪਾਲ ਵਿੱਕੀ ਅਤੇ ਦਲਜੀਤ ਸਿੰਘ ਸੋਨੀ ਹਾਜ਼ਰ ਸਨ।