#ਮਮਤਾ ਬੈਨਰਜੀ ਵੱਲੋਂ ਅਸਤੀਫ਼ਾ ਦੇਣ ਤੋਂ ਇਨਕਾਰ

#ਮਮਤਾ ਬੈਨਰਜੀ ਵੱਲੋਂ ਅਸਤੀਫ਼ਾ ਦੇਣ ਤੋਂ ਇਨਕਾਰ

`ਪੱਛਮੀਂ ਬੰਗਾਲ ਦੇ ਚੋਣ ਨਤੀਜਿਆਂ ਨੂੰ ਲੋਕਾਂ ਦਾ ਫਤਵਾ ਨਹੀਂ ਬਲਕਿ ਸਾਜ਼ਿਸ਼ ਦੱਸਿਆ; ਚੋਣ ਕਮਿਸ਼ਨ ’ਤੇ ਭਾਜਪਾ ਲਈ ਕੰਮ ਕਰਨ ਦੇ ਦੋਸ਼ ਲਾਏ

ਕੋਲਕਾਤਾ (ਪੰਜਾਬੀ ਰਾਈਟਰ)- ਪੱਛਮੀ ਬੰਗਾਲ ਦੀ ਸਾਬਕਾ ਮੁੱਖ ਮੰਤਰੀ ਅਤੇ ਟੀਐਮਸੀ ਸੁਪਰੀਮੋ ਮਮਤਾ ਬੈਨਰਜੀ ਨੇ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਪਾਰਟੀ ਦੀ ਹਾਰ ਤੋਂ ਬਾਅਦ ਅਹੁਦਾ ਛੱਡਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਮੰਗਲਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਦਾਅਵਾ ਕੀਤਾ ਕਿ ਇਹ ਚੋਣ ਨਤੀਜਾ ਜਨਤਾ ਦਾ ਅਸਲ ਫਤਵਾ ਨਹੀਂ ਹੈ, ਬਲਕਿ ਇੱਕ ਡੂੰਘੀ ਸਾਜ਼ਿਸ਼ ਦਾ ਨਤੀਜਾ ਹੈ। ਉਨ੍ਹਾਂ ਚਿਤਾਵਨੀ ਭਰੇ ਲਹਿਜ਼ੇ ਵਿੱਚ ਕਿਹਾ ਕਿ ਉਨ੍ਹਾਂ ਦੇ ਅਸਤੀਫ਼ੇ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਕਿਉਂਕਿ ਉਨ੍ਹਾਂ ਨੂੰ ਲੋਕਾਂ ਨੇ ਨਹੀਂ ਹਰਾਇਆ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਉਨ੍ਹਾਂ ਦੀ ਲੜਾਈ ਸਿਰਫ਼ ਭਾਜਪਾ ਵਿਰੁੱਧ ਨਹੀਂ ਸੀ, ਸਗੋਂ ਚੋਣ ਕਮਿਸ਼ਨ ਵਿਰੁੱਧ ਸੀ, ਜੋ ਸਿੱਧੇ ਤੌਰ 'ਤੇ ਭਾਜਪਾ ਦੇ ਇਸ਼ਾਰਿਆਂ 'ਤੇ ਕੰਮ ਕਰ ਰਿਹਾ ਸੀ। ਮਮਤਾ ਨੇ ਕਿਹਾ ਕਿ ਉਹ ਲੋਕ ਭਵਨ ਨਹੀਂ ਜਾਣਗੇ ਅਤੇ ਸੰਵਿਧਾਨਕ ਨਿਯਮਾਂ ਅਨੁਸਾਰ ਜੋ ਵੀ ਕਾਰਵਾਈ ਹੋਵੇਗੀ, ਉਹ ਦੇਖ ਲੈਣਗੇ। ਮਮਤਾ ਬੈਨਰਜੀ ਨੇ ਵੋਟਾਂ ਦੀ ਗਿਣਤੀ ਦੀ ਪ੍ਰਕਿਰਿਆ ਵਿੱਚ ਵੱਡੇ ਪੱਧਰ 'ਤੇ ਹੇਰਾਫੇਰੀ ਹੋਣ ਦੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਲਗਪਗ 100 ਸੀਟਾਂ 'ਤੇ ਵੋਟਾਂ ਦੀ ਵੱਡੇ ਪੱਧਰ ’ਤੇ ਹੇਰਾਫੇਰੀ ਕੀਤੀ ਗਈ ਹੈ। ਉਨ੍ਹਾਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ 'ਤੇ ਲੋਕਤੰਤਰੀ ਅਧਿਕਾਰਾਂ ਦਾ ਘਾਣ ਕਰਨ ਦਾ ਦੋਸ਼ ਲਾਇਆ ਅਤੇ ਕਿਹਾ ਕਿ ਇਤਿਹਾਸ ਵਿੱਚ ਇਹ ਇੱਕ ਕਾਲਾ ਅਧਿਆਏ ਲਿਖਿਆ ਗਿਆ ਹੈ। ਮਮਤਾ ਨੇ ਚੋਣਾਂ ਤੋਂ ਬਾਅਦ ਹੋਈ ਹਿੰਸਾ ਦੀ ਜਾਂਚ ਲਈ ਇੱਕ 10 ਮੈਂਬਰੀ ਕਮੇਟੀ ਬਣਾਉਣ ਦਾ ਵੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਹੁਣ ਉਹ ਰਾਸ਼ਟਰੀ ਪੱਧਰ 'ਤੇ ਵਿਰੋਧੀ ਗਠਜੋੜ ਨੂੰ ਮਜ਼ਬੂਤ ਕਰਨ 'ਤੇ ਧਿਆਨ ਦੇਣਗੇ। ਜ਼ਿਕਰਯੋਗ ਹੈ ਕਿ ਭਾਜਪਾ ਨੇ 294 ਮੈਂਬਰੀ ਵਿਧਾਨ ਸਭਾ ਵਿੱਚ 207 ਸੀਟਾਂ ਜਿੱਤ ਕੇ ਟੀਐਮਸੀ ਦੇ 15 ਸਾਲਾਂ ਦੇ ਰਾਜ ਨੂੰ ਖ਼ਤਮ ਕਰ ਦਿੱਤਾ ਹੈ। ਸਥਿਤੀ ਨੂੰ ਕਾਬੂ ਹੇਠ ਰੱਖਣ ਲਈ ਸਥਾਨਕ ਪੁਲੀਸ ਨੂੰ ਵੀ ਵੱਖ-ਵੱਖ ਇਲਾਕਿਆਂ ਵਿੱਚ ਤਾਇਨਾਤ ਕੀਤਾ ਗਿਆ ਹੈ। ਮਮਤਾ ਨੇ ਕਿਹਾ ਕਿ ਭਾਜਪਾ ਨੇ ਇਨ੍ਹਾਂ ਚੋਣਾਂ ਵਿਚ ਵੱਡੇ ਪੱਧਰ ’ਤੇ ਹੇਰਾਫੇਰੀ ਕੀਤੀ ਹੈ ਤੇ ਇਹ ਲੋਕਾਂ ਦਾ ਫਤਵਾ ਨਹੀਂ ਹੈ।