
ਕਿਸਾਨ ਆਗੂ ਨੂੰ ਚੰਡੀਗੜ੍ਹ ਪੁਲੀਸ ਨੇ ਹਿਰਾਸਤ ਵਿੱਚ ਲਿਆ
ਮਾਨਸਾ,(ਪੰਜਾਬੀ ਰਾਈਟਰ)- ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੂੰ ਚੰਡੀਗੜ੍ਹ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ। ਉਹ ਬੀਤੀ ਸ਼ਾਮ ਉਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਕਰਨ ਲਈ ਗਏ ਸਨ ਅਤੇ ਉਥੇ ਹੀ ਕਿਸਾਨ ਭਵਨ ਵਿੱਚ ਰੁਕ ਗਏ ਸਨ। ਉਨ੍ਹਾਂ ਨਾਲ ਜਥੇਬੰਦੀ ਦੇ ਸੀਨੀਅਰ ਆਗੂ ਗੁਰਨਾਮ ਸਿੰਘ ਭੀਖੀ, ਕਰਨੈਲ ਸਿੰਘ ਮਾਨਸਾ, ਉਗਰ ਸਿੰਘ ਹਿਰਾਸਤ ਵਿੱਚ ਲਏ ਗਏ ਹਨ। ਉਨ੍ਹਾਂ ਨੂੰ ਸੈਕਟਰ-36 ਦੀ ਪੁਲੀਸ ਨੇ ਹਿਰਾਸਤ ਵਿੱਚ ਲਿਆ। ਕਿਸਾਨ ਆਗੂ ਰੁਲਦੂ ਸਿੰਘ ਨੇ ਫੋਨ ’ਤੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਭਰ ਵਿੱਚ ‘ਆਪ’ ਸਰਕਾਰ ਵੱਲੋਂ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਇਸ ਤੋਂ ਇਹ ਸਾਬਤ ਹੁੰਦਾ ਹੈ ਕਿ ਆਮ ਆਦਮੀ ਪਾਰਟੀ ਦਾ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਭਾਜਪਾ ਦੀ ਬੀ ਟੀਮ ਬਣ ਕੇ ਪੰਜਾਬ ’ਚ ਕਿਸਾਨ ਆਗੂਆਂ ਤੇ ਕਿਸਾਨ ਜਥੇਬੰਦੀਆਂ ਨੂੰ ਦਬਾਉਣ ਦਾ ਯਤਨ ਕੇਂਦਰ ਸਰਕਾਰ ਦੇ ਕਹਿਣ ’ਤੇ ਕਰ ਰਿਹਾ ਹੈ।
ਜਥੇਬੰਦੀ ਦੇ ਸੀਨੀਅਰ ਆਗੂ ਐਡਵੋਕੇਟ ਬਲਕਰਨ ਸਿੰਘ ਬੱਲੀ ਨੇ ਦੱਸਿਆ ਕਿ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਨੇ ਉਨ੍ਹਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦਾ ਮੁੱਖ ਮੰਤਰੀ ਆਪਣੇ ਦਿੱਲੀ ਦੇ ਕਨਵੀਨਰ ਦੇ ਚੁੰਗਲ ਵਿੱਚੋਂ ਨਿਕਲ ਕੇ ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ਨੂੰ ਤੁਰੰਤ ਰੋਕੇ। ਉਨ੍ਹਾਂ ਕਿਹਾ ਕਿ ਸਾਰੇ ਕਿਸਾਨ ਆਗੂਆਂ ਨੂੰ ਰਿਹਾਅ ਕਰੇ ਅਤੇ ਸੰਯੁਕਤ ਕਿਸਾਨ ਮੋਰਚੇ ਦੀਆਂ ਸਾਰੀਆਂ ਮੰਗਾਂ ਨੂੰ ਤੁਰੰਤ ਮੰਨੇ ਅਤੇ ਪੰਜਾਬ ਸਰਕਾਰ ਨੂੰ ਲੋਕਾਂ ਵੱਲੋਂ ਚੁਣੇ ਨੁਮਾਇੰਦਿਆਂ ਦੁਆਰਾ ਚਲਾਇਆ ਜਾਵੇ। ਇਸੇ ਦੌਰਾਨ ਮਾਨਸਾ ਵਿੱਚ ਭਾਕਿਯੂ ਮਾਨਸਾ ਦੇ ਬੋਘ ਸਿੰਘ, ਪੰਜਾਬ ਕਿਸਾਨ ਯੂਨੀਅਨ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਗੋਰਾ ਸਿੰਘ ਭੈਣੀਬਾਘਾ, ਭਾਕਿਯੂ (ਏੇਕਤਾ ਡਕੌਂਦਾ) ਦੇ ਸੂਬਾ ਆਗੂ ਮੱਖਣ ਸਿੰਘ ਮਾਨ, ਕ੍ਰਿਸ਼ਨ ਚੌਹਾਨ, ਇਕਬਾਲ ਸਿੰਘ ਫਫੜੇ, ਕੁੱਲ ਹਿੰਦ ਕਿਸਾਨ ਸਭਾ ਦਲਜੀਤ ਸਿੰਘ ਨੂੰ ਥਾਣਾ ਸਿਟੀ-2 ਮਾਨਸਾ ਦੀ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ।