ਸੰਸਦ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ ਦੇ ਆਸਾਰ

ਸੰਸਦ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ ਦੇ ਆਸਾਰ

ਨਵੀਂ ਦਿੱਲੀ,(ਪੰਜਾਬੀ ਰਾਈਟਰ)- ਸੰਸਦ ਦਾ 22 ਜੁਲਾਈ ਤੋਂ ਸ਼ੁਰੂ ਹੋਣ ਵਾਲਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ ਦੇ ਆਸਾਰ ਹਨ ਕਿਉਂਕਿ ਇਜਲਾਸ ਤੋਂ ਇੱਕ ਦਿਨ ਪਹਿਲਾਂ ਅੱਜ ਹੋਈ ਸਰਬ ਪਾਰਟੀ ਮੀਟਿੰਗ ’ਚ ਕਾਂਗਰਸ ਨੇ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਕਾਂਵੜ ਮਾਰਗ ’ਤੇ ਖਾਣ-ਪੀਣ ਵਾਲੀਆਂ ਦੁਕਾਨਾਂ ਨੂੰ ਦਿੱਤੇ ਹੁਕਮਾਂ, ਨੀਟ ਸਮੇਤ ਹੋਰ ਪੇਪਰ ਲੀਕ ਮਸਲਿਆਂ ਤੋਂ ਇਲਾਵਾ ਕਈ ਹੋਰ ਵਿਵਾਦਤ ਮੁੱਦਿਆਂ ’ਤੇ ਚਰਚਾ ਦੀ ਇਜਾਜ਼ਤ ਮੰਗ ਕੇ ਆਪਣੇ ਇਰਾਦਿਆਂ ਦੇ ਸੰਕੇਤ ਦੇ ਦਿੱਤੇ ਹਨ। ਮੀਟਿੰਗ ਦੌਰਾਨ ਕਾਂਗਰਸ ਨੇ ਵਿਰੋਧੀ ਧਿਰ ਲਈ ਲੋਕ ਸਭਾ ’ਚ ਡਿਪਟੀ ਸਪੀਕਰ ਦਾ ਅਹੁਦਾ ਵੀ ਮੰਗਿਆ ਹੈ। ਇੰਨਾ ਹੀ ਨਹੀਂ ਸਰਕਾਰ ਦੀਆਂ ਸਹਿਯੋਗੀਆਂ ਪਾਰਟੀਆਂ ਜਨਤਾ ਦਲ (ਯੂ), ਐੱਲਜੇਪੀ (ਰਾਮ ਵਿਲਾਸ) ਨੇ ਆਪੋ-ਆਪਣੇ ਸੂਬਿਆਂ ਬਿਹਾਰ, ਆਂਧਰਾ ਪ੍ਰਦੇਸ਼ ਤੇ ਉੜੀਸਾ ਲਈ ਵਿਸ਼ੇਸ਼ ਦਰਜੇ ਦੀ ਮੰਗ ਕਰਕੇ ਆਪਣਾ ਭਵਿੱਖੀ ਰਵੱਈਆ ਸਪੱਸ਼ਟ ਕਰ ਦਿੱਤਾ ਹੈ ਜਦਕਿ ਤੇਲਗੂ ਦੇਸ਼ਮ ਪਾਰਟੀ (ਟੀਡੀਪੀ) ਨੇ ਆਂਧਰਾ ਪ੍ਰਦੇਸ਼ ਨੂੰ ਵਿਸ਼ੇਸ਼ ਰਾਜ ਦੇ ਦਰਜੇ ਦੀ ਮੰਗ ’ਤੇ ਚੁੱਪ ਧਾਰੀ ਰੱਖੀ।

ਸਰਕਾਰ ਨੇ ਸੰਸਦ ਦੇ ਇਜਲਾਸ ਤੋਂ ਪਹਿਲਾਂ ਹੋਈ ਇਸ ਰਵਾਇਤੀ ਮੀਟਿੰਗ ’ਚ ਪਹਿਲਾਂ ਦੇ ਉਲਟ ਕਈ ਛੋਟੀਆਂ ਪਾਰਟੀਆਂ ਨੂੰ ਵੀ ਸੱਦਾ ਦਿੱਤਾ ਅਤੇ ਸਾਰੇ ਮੁੱਦਿਆਂ ’ਚ ਚਰਚਾ ਕਰਾਉਣ ਦੀ ਇੱਛਾ ਜ਼ਾਹਿਰ ਕੀਤੀ। ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਹਾਲਾਂਕਿ ਸੰਸਦ ਦੀ ਕਾਰਵਾਈ ਬਿਨਾਂ ਕਿਸੇ ਅੜਿੱਕੇ ਦੇ ਚਲਾਉਣ ਲਈ ਸਾਰੀਆਂ ਪਾਰਟੀਆਂ ਦਾ ਸਹਿਯੋਗ ਮੰਗਦਿਆਂ ਕਿਹਾ ਕਿ ਸਦਨ ’ਚ ਚਰਚਾ ਨਿਯਮਾਂ ਅਨੁਸਾਰ ਹੋਣੀ ਚਾਹੀਦੀ ਹੈ।