ਭਗਵੰਤ ਮਾਨ ਦਾ ਸਿਹਤ ਬੀਮਾ ਯੋਜਨਾ ਬਾਰੇ ਵਿਰੋਧੀਆਂ ਨੂੰ ਮੋੜਵਾਂ ਜਵਾਬ

ਭਗਵੰਤ ਮਾਨ ਦਾ ਸਿਹਤ ਬੀਮਾ ਯੋਜਨਾ ਬਾਰੇ ਵਿਰੋਧੀਆਂ ਨੂੰ ਮੋੜਵਾਂ ਜਵਾਬ

ਪੰਜਾਬੀਆਂ ਦਾ ਸਰਕਾਰੀ ਤੇ ਨਿੱਜੀ ਹਸਪਤਾਲਾਂ ਵਿੱਚ 2600 ਬਿਮਾਰੀਆਂ ਦਾ ਕੀਤਾ ਜਾਵੇਗਾ ਨਕਦੀ ਰਹਿਤ ਇਲਾਜ

ਚੰਡੀਗੜ੍ਹ,(ਪੰਜਾਬੀ ਰਾਈਟਰ)- ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਲੈ ਕੇ ਪੰਜਾਬ ਵਿੱਚ ਤਰ੍ਹਾਂ-ਤਰ੍ਹਾਂ ਦੀਆਂ ਅਫਵਾਹਾਂ ਸਾਹਮਣੇ ਆ ਰਹੀਆਂ ਹਨ। ਇਸ ਦੌਰਾਨ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਵੱਲੋਂ ਯੋਜਨਾ ਨੂੰ ਲੋਕ ਹਿਤੈਸ਼ੀ ਕਰਾਰਦਿਆਂ ਹਰੇਕ ਪਰਿਵਾਰ ਦਾ 10 ਲੱਖ ਰੁਪਏ ਸਾਲਾਨਾ ਦਾ ਨਕਦੀ ਰਹਿਤ ਇਲਾਜ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ, ਜਦੋਂ ਕਿ ਵਿਰੋਧੀ ਪਾਰਟੀਆਂ ਵੱਲੋਂ ਯੋਜਨਾ ’ਤੇ ਸਵਾਲ ਖੜੇ ਕੀਤੇ ਜਾ ਰਹੇ ਹਨ। ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਾਮ ਸਮੇਂ ਸੋਸ਼ਲ ਮੀਡੀਆ ’ਤੇ ਸੰਬੋਧਨ ਕਰਦਿਆਂ ਵਿਰੋਧੀਆਂ ਨੂੰ ਮੋੜਵਾਂ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵਿਰੋਧੀ ਪਾਰਟੀਆਂ ਵੱਲੋਂ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਬਾਰੇ ਗੁਮਰਾਹ ਕੀਤਾ ਜਾ ਰਿਹਾ ਹੈ।

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਲਈ ਵੱਖ-ਵੱਖ ਹਸਪਤਾਲਾਂ ਨਾਲ ਸਮਝੌਤੇ ਕੀਤੇ ਗਏ ਹਨ। ਇਸ ਦੌਰਾਨ ਵੱਖ-ਵੱਖ ਬਿਮਾਰੀਆਂ ਲਈ ਕੀਮਤ ਤੈਅ ਕੀਤੀ ਗਈ ਹੈ ਅਤੇ ਹਸਪਤਾਲਾਂ ਵੱਲੋਂ ਉਸੇ ਕੀਮਤ ’ਤੇ ਲੋਕਾਂ ਦਾ ਇਲਾਜ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2600 ਦੇ ਕਰੀਬ ਬਿਮਾਰੀਆਂ ਦਾ ਇਲਾਜ ਕੀਤਾ ਜਾਵੇਗਾ।

ਇਸ ਦੌਰਾਨ ਲੋਕਾਂ ਦਾ ਹਸਪਤਾਲ ਵਿੱਚ ਦਾਖਲ ਹੋਣ ਤੋਂ ਲੈ ਕੇ ਛੁੱਟੀ ਤੱਕ ਦਾ ਸਾਰਾ ਭੁਗਤਾਨ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਲੋਕਾਂ ਨੂੰ ਵਿਰੋਧੀ ਪਾਰਟੀਆਂ ਦੀਆਂ ਅਫ਼ਵਾਹਾਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਪੰਜਾਬ ਸਣੇ ਦੁਨੀਆਂ ਭਰ ਦੇ ਲੋਕ ਪਸੰਦ ਕਰ ਰਹੇ ਹਨ।