ਪੰਜਾਬ ਦੀ ਨਵੀਂ ਆਬਕਾਰੀ ਨੀਤੀ ਨੂੰ ਅੱਜ ਮਿਲੇਗੀ ਪ੍ਰਵਾਨਗੀ

ਪੰਜਾਬ ਦੀ ਨਵੀਂ ਆਬਕਾਰੀ ਨੀਤੀ ਨੂੰ ਅੱਜ ਮਿਲੇਗੀ ਪ੍ਰਵਾਨਗੀ

ਵਜ਼ਾਰਤੀ ਮੀਟਿੰਗ ’ਚ ਬਜਟ ਇਜਲਾਸ ’ਤੇ ਲੱਗੇਗੀ ਰਸਮੀ ਮੋਹਰ

ਚੰਡੀਗਡ਼੍ਹ,(ਪੰਜਾਬੀ ਰਾਈਟਰ)- ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੋਮਵਾਰ ਨੂੂੰ ਚੰਡੀਗੜ੍ਹ ਵਿੱਚ ਹੋਣ ਵਾਲੀ ਵਜ਼ਾਰਤੀ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਕੀਤੇ ਜਾਣਗੇ। ਇਨ੍ਹਾਂ ਨੂੰ ਲੈ ਕੇ ਪੰਜਾਬ ਸਰਕਾਰ ਨੇ ਸਾਰੀ ਤਿਆਰੀ ਮੁਕੰਮਲ ਕਰ ਲਈ ਹੈ। ਮੁੱਖ ਮੰਤਰੀ ਦੀ ਅਗਵਾਈ ਹੇਠ ਹੋਣ ਵਾਲੀ ਵਜ਼ਾਰਤੀ ਮੀਟਿੰਗ ਵਿੱਚ ਵਿੱਤੀ ਸਾਲ 2026-27 ਲਈ ਨਵੀਂ ਆਬਕਾਰੀ ਨੀਤੀ ਨੂੰ ਪ੍ਰਵਾਨਗੀ ਦਿੱਤੀ ਜਾਵੇਗੀ।

ਜਾਣਕਾਰੀ ਅਨੁਸਾਰ ਭਲਕ ਦੀ ਮੀਟਿੰਗ ਵਿੱਚ ਨਵੀਂ ਆਬਕਾਰੀ ਨੀਤੀ ਸਣੇ ਹੋਰ ਕਈ ਅਹਿਮ ਏਜੰਡਿਆਂ ਨੂੰ ਸ਼ਾਮਲ ਕੀਤਾ ਗਿਆ, ਜਿਨ੍ਹਾਂ ਨੂੰ ਵਿਚਾਰਨ ਤੋਂ ਬਾਅਦ ਰਸਮੀ ਪ੍ਰਵਾਨਗੀ ਦਿੱਤੀ ਜਾਵੇਗੀ। ਪੰਜਾਬ ਸਰਕਾਰ ਵੱਲੋਂ ਪਿਛਲੇ ਕਈ ਮਹੀਨਿਆਂ ਤੋਂ ਨਵੀਂ ਆਬਕਾਰੀ ਨੀਤੀ ਬਣਾਉਣ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਪੰਜਾਬ ਸਰਕਾਰ ਨੇ ਅਗਲੇ ਵਿੱਤੀ ਸਾਲ ਦੌਰਾਨ ਆਬਕਾਰੀ ਨੀਤੀ ’ਚੋਂ 8 ਤੋਂ 10 ਫ਼ੀਸਦ ਤੱਕ ਮਾਲੀਆ ਵਧਾਉਣ ਦਾ ਟੀਚਾ ਮਿੱਥਿਆ ਹੈ। ਪੰਜਾਬ ਸਰਕਾਰ ਨੇ ਵਿੱਤੀ ਸਾਲ 2024-25 ਲਈ ਆਬਕਾਰੀ ਤੋਂ 10,145 ਕਰੋੜ ਅਤੇ ਵਿੱਤੀ ਸਾਲ 2025-26 ਲਈ 11,200 ਕਰੋੜ ਰੁਪਏ ਮਾਲੀਆ ਇਕੱਠਾ ਕਰਨ ਦਾ ਟੀਚਾ ਮਿੱਥਿਆ ਸੀ; ਅਗਲੇ ਵਿੱਤੀ ਸਾਲ 2026-27 ਦੌਰਾਨ 12,500 ਕਰੋੜ ਰੁਪਏ ਤੋਂ ਵੱਧ ਮਾਲੀਆ ਇਕੱਠਾ ਕਰਨ ਦਾ ਟੀਚਾ ਮਿੱਥਣ ਦੀ ਤਿਆਰੀ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਨੇ ਪਿਛਲੇ ਸਮੇਂ ਦੌਰਾਨ ਸ਼ਰਾਬ ਠੇਕੇਦਾਰਾਂ ਨਾਲ ਵੀ ਮੀਟਿੰਗਾਂ ਕੀਤੀਆਂ ਹਨ, ਜਿਨ੍ਹਾਂ ਨੇ ਵੱਖ-ਵੱਖ ਸੁਝਾਅ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਸਾਰੇ ਸੁਝਾਵਾਂ ਨੂੂੰ ਧਿਆਨ ਵਿੱਚ ਰੱਖਦਿਆਂ ਆਬਕਾਰੀ ਨੀਤੀ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਮੌਜੂਦਾ ਸਮੇਂ 207 ਸ਼ਰਾਬ ਲਾਇਸੈਂਸਾਂ ’ਤੇ 6300 ਤੋਂ ਵੱਧ ਸ਼ਰਾਬ ਦੇ ਠੇਕੇ ਚੱਲ ਰਹੇ ਹਨ।

ਵਜ਼ਾਰਤੀ ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ ‘ਆਪ’ ਸਰਕਾਰ ਦੇ ਪੰਜਵੇਂ ਬਜਟ ਇਜਲਾਸ ਨੂੰ ਸੱਦਣ ਲਈ ਪ੍ਰਵਾਨਗੀ ਦਿੱਤੀ ਜਾਵੇਗੀ। ਪੰਜਾਬ ਸਰਕਾਰ ਵੱਲੋਂ 6 ਮਾਰਚ ਤੋਂ ਬਜਟ ਇਜਲਾਸ ਸ਼ੁਰੂ ਕੀਤਾ ਜਾਵੇਗਾ, ਜਦੋਂ ਕਿ ਬਜਟ 8 ਮਾਰਚ ਨੂੰ ਪੇਸ਼ ਕੀਤਾ ਜਾਵੇਗਾ; ਹਾਲਾਂਕਿ ਇਸ ਲਈ ਰਸਮੀ ਪ੍ਰਵਾਨਗੀ ਪੰਜਾਬ ਦੇ ਰਾਜਪਾਲ ਵੱਲੋਂ ਦਿੱਤੀ ਜਾਵੇਗੀ। ਇਸ ਤੋਂ ਬਾਅਦ ਹੀ ਇਜਲਾਸ ਸੱਦਿਆ ਜਾਵੇਗਾ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਵਜ਼ਾਰਤੀ ਮੀਟਿੰਗ ਵਿੱਚ ਨਵੀਂ ਸਨਅਤੀ ਨੀਤੀ ਅਤੇ ਹੋਰ ਕਈ ਅਹਿਮ ਮੁੱਦਿਆਂ ਬਾਰੇ ਵੀ ਵਿਚਾਰ-ਚਰਚਾ ਕੀਤੀ ਜਾ ਸਕਦੀ ਹੈ।