ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ

ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ

ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਕੇ ਭਾਰਤ ਅਤੇ ਕੈਨੇਡਾ ਵਿਚਾਲੇ ਵਪਾਰ, ਤਕਨਾਲੋਜੀ ਅਤੇ ਊਰਜਾ ਦੇ ਖੇਤਰਾਂ ਵਿੱਚ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ 'ਤੇ ਚਰਚਾ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਾਰਤ ਕੈਨੇਡਾ ਦੇ ਨਾਲ ਇੱਕ ਰਚਨਾਤਮਕ ਅਤੇ ਦੂਰਦਰਸ਼ੀ ਰਣਨੀਤਕ ਭਾਈਵਾਲੀ ਵਿਕਸਤ ਕਰਨ ਲਈ ਵਚਨਬੱਧ ਹੈ, ਜਿਸ ਨਾਲ ਦੋਵਾਂ ਦੇਸ਼ਾਂ ਦੇ ਲੋਕਾਂ ਨੂੰ ਫਾਇਦਾ ਮਿਲ ਸਕੇ। ਮੋਦੀ ਨੇ 'ਐਕਸ' (X) 'ਤੇ ਇੱਕ ਪੋਸਟ ਵਿੱਚ ਕਿਹਾ, ''ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ ਨੂੰ ਮਿਲ ਕੇ ਖੁਸ਼ੀ ਹੋਈ। ਇਸ ਦੌਰਾਨ ਭਾਰਤ ਅਤੇ ਕੈਨੇਡਾ ਵਿਚਾਲੇ ਵਪਾਰ, ਤਕਨਾਲੋਜੀ, ਸੁਰੱਖਿਆ, ਊਰਜਾ, ਸਿੱਖਿਆ ਅਤੇ ਦੋਵਾਂ ਦੇਸ਼ਾਂ ਦੇ ਲੋਕਾਂ ਵਿਚਾਲੇ ਸੰਪਰਕ ਸਮੇਤ ਵੱਖ-ਵੱਖ ਖੇਤਰਾਂ ਵਿੱਚ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ 'ਤੇ ਸਾਰਥਕ ਚਰਚਾ ਹੋਈ।'' ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਅਤੇ ਅਨੀਤਾ ਆਨੰਦ ਨੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਵਪਾਰ, ਵਿਗਿਆਨ, ਤਕਨਾਲੋਜੀ, ਰੱਖਿਆ, ਸੁਰੱਖਿਆ, ਊਰਜਾ, ਸਿੱਖਿਆ, ਦੋਵਾਂ ਦੇਸ਼ਾਂ ਦੇ ਲੋਕਾਂ ਵਿਚਾਲੇ ਆਪਸੀ ਸੰਪਰਕ ਅਤੇ ਬਹੁ-ਪੱਖੀ ਸਹਿਯੋਗ ਸਮੇਤ ਸਾਂਝੇ ਹਿੱਤਾਂ ਦੇ ਵੱਖ-ਵੱਖ ਖੇਤਰਾਂ ਵਿੱਚ ਸਹਿਯੋਗ ਵਧਾਉਣ ਲਈ ਜਾਰੀ ਯਤਨਾਂ 'ਤੇ ਚਰਚਾ ਕੀਤੀ। ਪ੍ਰਧਾਨ ਮੰਤਰੀ ਨੇ ਦੁਵੱਲੀ ਗੱਲਬਾਤ ਜਾਰੀ ਰੱਖਣ ਅਤੇ ਇਸ ਨੂੰ ਠੋਸ ਨਤੀਜਿਆਂ ਵਿੱਚ ਬਦਲਣ ਦੀ ਅਹਿਮੀਅਤ 'ਤੇ ਜ਼ੋਰ ਦਿੱਤਾ, ਜਿਸ ਵਿੱਚ ਵਿਆਪਕ ਆਰਥਿਕ ਭਾਈਵਾਲੀ ਸਮਝੌਤੇ (ਸੀ ਈ ਪੀ ਏ - CEPA) 'ਤੇ ਗੱਲਬਾਤ ਨੂੰ ਜਲਦ ਤੋਂ ਜਲਦ ਪੂਰਾ ਕਰਨਾ ਵੀ ਸ਼ਾਮਲ ਹੈ। ਮੋਦੀ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਆਪਣੀਆਂ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਉਹ ਉਨ੍ਹਾਂ ਨਾਲ ਅੱਗੇ ਵੀ ਗੱਲਬਾਤ ਜਾਰੀ ਰੱਖਣ ਦੇ ਚਾਹਵਾਨ ਹਨ। ਇਹ ਮੁਲਾਕਾਤ ਮੋਦੀ ਅਤੇ ਕਾਰਨੀ ਵਿਚਾਲੇ ਫੋਨ 'ਤੇ ਹੋਈ ਗੱਲਬਾਤ ਤੋਂ ਇੱਕ ਦਿਨ ਬਾਅਦ ਹੋਈ ਹੈ। ਮੰਗਲਵਾਰ ਨੂੰ ਕਾਰਨੀ ਨਾਲ ਫੋਨ 'ਤੇ ਗੱਲਬਾਤ ਤੋਂ ਬਾਅਦ ਮੋਦੀ ਨੇ ਕਿਹਾ ਸੀ ਕਿ ਭਾਰਤ ਅਤੇ ਕੈਨੇਡਾ ਮਿਲ ਕੇ ਇੱਕ "ਵਧੇਰੇ ਸਥਿਰ ਅਤੇ ਖੁਸ਼ਹਾਲ ਦੁਨੀਆ" ਬਣਾਉਣ ਵਿੱਚ ਯੋਗਦਾਨ ਪਾ ਰਹੇ ਹਨ।