ਪੈਰਿਸ ਓਲੰਪਿਕ: ਭਾਰਤੀ ਹਾਕੀ ਟੀਮ ਨੇ ਦਰਬਾਰ ਸਾਹਿਬ ਮੱਥਾ ਟੇਕਿਆ

ਪੈਰਿਸ ਓਲੰਪਿਕ: ਭਾਰਤੀ ਹਾਕੀ ਟੀਮ ਨੇ ਦਰਬਾਰ ਸਾਹਿਬ ਮੱਥਾ ਟੇਕਿਆ

ਅੰਮ੍ਰਿਤਸਰ,(ਪੰਜਾਬੀ ਰਾਈਟਰ)- ਪੈਰਿਸ ਓਲੰਪਿਕ ’ਚ ਕਾਂਸੀ ਦਾ ਤਗ਼ਮਾ ਜਿੱਤ ਕੇ ਪਰਤੀ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਨੇ ਅੱਜ ਦਰਬਾਰ ਸਾਹਿਬ ਮੱਥਾ ਟੇਕਿਆ ਅਤੇ ਜਿੱਤ ਲਈ ਗੁਰੂ ਘਰ ਦਾ ਸ਼ੁਕਰਾਨਾ ਕੀਤਾ। ਭਾਰੀ ਮੀਂਹ ਦੇ ਬਾਵਜੂਦ ਹਾਕੀ ਖਿਡਾਰੀਆਂ ਦਾ ਹਵਾਈ ਅੱਡੇ ਅਤੇ ਹਰਿਮੰਦਰ ਸਾਹਿਬ ਵਿੱਚ ਨਿੱਘਾ ਸਵਾਗਤ ਕੀਤਾ ਗਿਆ। ਇੱਥੇ ਪੁੱਜੇ ਓਲੰਪਿਕ ਖਿਡਾਰੀਆਂ ਵਿੱਚ ਟੀਮ ਦਾ ਕਪਤਾਨ ਹਰਮਨਪ੍ਰੀਤ ਸਿੰਘ, ਉਪ ਕਪਤਾਨ ਹਾਰਦਿਕ ਸਿੰਘ, ਸਾਬਕਾ ਕਪਤਾਨ ਮਨਪ੍ਰੀਤ ਸਿੰਘ, ਗੁਰਜੰਟ ਸਿੰਘ, ਸ਼ਮਸ਼ੇਰ ਸਿੰਘ, ਮਨਦੀਪ ਸਿੰਘ, ਜਰਮਨਪ੍ਰੀਤ ਸਿੰਘ ਬੱਲ, ਸੁਖਜੀਤ ਸਿੰਘ ਅਤੇ ਜੁਗਰਾਜ ਸਿੰਘ ਸ਼ਾਮਲ ਸਨ।

ਦਰਬਾਰ ਸਾਹਿਬ ਨਤਮਸਤਕ ਹੋਣ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖਿਡਾਰੀਆਂ ਦਾ ਸਨਮਾਨ ਕੀਤਾ ਅਤੇ ਉਨ੍ਹਾਂ ਖਿਡਾਰੀਆਂ ਦੀ ਜਿੱਤ ਲਈ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੈਰਿਸ ਓਲੰਪਿਕ ਵਿੱਚ ਕਾਂਸੀ ਦਾ ਤਗ਼ਮਾ ਜਿੱਤਣਾ ਵੱਡੀ ਪ੍ਰਾਪਤੀ ਹੈ। ਟੀਮ ਵਿੱਚ ਸ਼ਾਮਲ ਪੰਜਾਬ ਦੇ ਖਿਡਾਰੀਆਂ ਨੇ ਲੰਮੇ ਅਰਸੇ ਤੋਂ ਬਾਅਦ ਪੰਜਾਬ ਦੇ ਹਾਕੀ ਨਾਲ ਸਬੰਧਤ ਇਤਿਹਾਸ ਨੂੰ ਦੁਹਰਾਇਆ ਹੈ। ਉਨ੍ਹਾਂ ਨੇ ਹਾਕੀ ਖਿਡਾਰੀਆਂ ਨੂੰ ਦਰਬਾਰ ਸਾਹਿਬ ਦਾ ਸੁਨਹਿਰੀ ਮਾਡਲ, ਧਾਰਮਿਕ ਪੁਸਤਕਾਂ ਤੇ ਸਿਰਪਾਓ ਦੇ ਕੇ ਸਨਮਾਨਿਤ ਕੀਤਾ। ਇਸ ਤੋਂ ਪਹਿਲਾਂ ਹਾਕੀ ਖਿਡਾਰੀਆਂ ਦਾ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ’ਤੇ ਪੰਜਾਬ ਦੇ ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਹਰਭਜਨ ਸਿੰਘ ਈਟੀਓ ਨੇ ਪੰਜਾਬ ਸਰਕਾਰ ਵੱਲੋਂ ਜੀ ਆਇਆਂ ਕਿਹਾ। ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜੇਤੂ ਟੀਮ ਦੇ ਹਰ ਪੰਜਾਬੀ ਖਿਡਾਰੀ ਨੂੰ ਇੱਕ-ਇੱਕ ਕਰੋੜ ਰੁਪਏ ਦੀ ਇਨਾਮੀ ਰਾਸ਼ੀ ਦੇਣ ਦਾ ਐਲਾਨ ਕਰ ਚੁੱਕੇ ਹਨ। ਇਸੇ ਤਰ੍ਹਾਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਹਾਕੀ ਖਿਡਾਰੀਆਂ ’ਤੇ ਸਦਾ ਮਾਣ ਰਹੇਗਾ। ਇਸ ਮੌਕੇ ਸਾਬਕਾ ਹਾਕੀ ਓਲੰਪੀਅਨ ਅਤੇ ਵਿਧਾਇਕ ਪਰਗਟ ਸਿੰਘ, ਹਰਪ੍ਰੀਤ ਸਿੰਘ ਮੰਡੇਰ, ਬਲਵਿੰਦਰ ਸਿੰਘ ਸ਼ੰਮੀ, ਸੰਜੀਵ ਕੁਮਾਰ, ਜੁਗਰਾਜ ਸਿੰਘ, ਹਾਕੀ ਪੰਜਾਬ ਦੇ ਪ੍ਰਧਾਨ ਨਿਤਿਨ ਕੋਹਲੀ ਆਦਿ ਹਾਜ਼ਰ ਸਨ।