ਪੰਜਾਬ ਵਿਰੋਧੀ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦਿਆਂਗੇ: ਮਾਨ

ਪੰਜਾਬ ਵਿਰੋਧੀ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦਿਆਂਗੇ: ਮਾਨ

ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਇਆ

ਪਟਿਆਲਾ,(ਪੰਜਾਬੀ ਰਾਈਟਰ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿਰੋਧੀ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਮਨ-ਸ਼ਾਂਤੀ, ਫਿਰਕੂ ਸਦਭਾਵਨਾ, ਏਕਤਾ ਤੇ ਭਾਈਚਾਰਕ ਸਾਂਝ ਵਿੱਚ ਵਿਘਨ ਪਾਉਣ ਦੇ ਮਨਸੂਬੇ ਕਿਸੇ ਵੀ ਕੀਮਤ ’ਤੇ ਸਫ਼ਲ ਨਹੀਂ ਹੋਣ ਦਿੱਤੇ ਜਾਣਗੇ। ਮੁੱਖ ਮੰਤਰੀ ਨੇ ਪਰੇਡ ਤੋਂ ਸਲਾਮੀ ਲਈ ਤੇ ਖੁੱਲ੍ਹੀ ਜਿਪਸੀ ਵਿੱਚ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਐੱਸਐੱਸਪੀ ਡਾ. ਨਾਨਕ ਸਿੰਘ ਨਾਲ ਪਰੇਡ ਦਾ ਨਿਰੀਖਣ ਵੀ ਕੀਤਾ। ਇਸ ਸਮਾਗਮ ਦੌਰਾਨ ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ, ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਅਤੇ ਸਾਬਕਾ ਮੀਡੀਆ ਸਲਾਹਕਾਰ ਬਲਤੇਜ ਪੰਨੂ, ਚੇਤਨ ਜੌੜਾਮਾਜਰਾ, ਹਰਮੀਤ ਪਠਾਣਮਾਜਰਾ ਤੇ ਅਜੀਤਪਾਲ ਕੋਹਲੀ ਆਦਿ ਵਿਧਾਇਕਾਂ ਤੇ ਮੇਅਰ ਕੁੰਦਨ ਗੋਗੀਆ ਨੇ ਵੀ ਸ਼ਿਰਕਤ ਕੀਤੀ।

ਇਥੇ ਪੋਲੋ ਗਰਾਊਂਡ ਵਿੱਚ 76ਵੇਂ ਗਣਤੰਤਰ ਦਿਵਸ ਮੌਕੇ ਕੌਮੀ ਤਿਰੰਗਾ ਲਹਿਰਾਉਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ-ਪੈਗੰਬਰਾਂ, ਸੰਤਾਂ-ਮਹਾਂਪੁਰਸ਼ਾਂ ਅਤੇ ਸ਼ਹੀਦਾਂ ਦੀ ਧਰਤੀ ਹੈ ਜੋ ਹਮੇਸ਼ਾ ਭਾਈਚਾਰਕ ਸਾਂਝ ਅਤੇ ਫਿਰਕੂ ਸਦਭਾਵਨਾ ਦੀਆਂ ਮਹਾਨ ਕਦਰਾਂ-ਕੀਮਤਾਂ ਲਈ ਮਾਨਵਤਾ ਦਾ ਮਾਰਗਦਰਸ਼ਨ ਕਰਦੀ ਹੈ। ਉਨ੍ਹਾਂ ਲੋਕਾਂ ਤੋਂ ਸਹਿਯੋਗ ਮੰਗਦਿਆਂ ਸੂਬੇ ਦੀ ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ਨੂੰ ਲੀਹੋਂ ਲਾਉਣ ਦੀ ਸਾਜ਼ਿਸ਼ ਘੜਨ ਵਾਲੇ ਦੁਸ਼ਮਣਾਂ ਨੂੰ ਠੋਕਵਾਂ ਜਵਾਬ ਦੇਣ ਲਈ ਕਿਹਾ।

ਮੁੱਖ ਮੰਤਰੀ ਨੇ ਫੁੱਟ ਪਾਊ ਤਾਕਤਾਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਫਿਰਕੂ ਪਾੜਾ ਪਾਉਣ ਦੇ ਮਨਸੂਬੇ ਕਿਸੇ ਵੀ ਕੀਮਤ ਉਤੇ ਸਿਰੇ ਨਹੀਂ ਚੜ੍ਹਨ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਮਾਜਿਕ ਸਾਂਝ ਦੀਆਂ ਜੜ੍ਹਾਂ ਏਨੀਆਂ ਡੂੰਘੀਆਂ ਤੇ ਮਜ਼ਬੂਤ ਹਨ ਕਿ ਸੂਬੇ ਦੀ ਜਰਖੇਜ਼ ਜ਼ਮੀਨ ਵਿੱਚ ਕੁਝ ਵੀ ਪੈਦਾ ਕੀਤਾ ਜਾ ਸਕਦਾ ਪਰ ਇੱਥੇ ਨਫ਼ਰਤ ਦੇ ਬੀਜ ਨਹੀਂ ਪੁੰਗਰ ਸਕਦੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀ ਅਮਨ-ਸ਼ਾਂਤੀ ਵਿੱਚ ਕੁਝ ਲੋਕ ਵਿਘਨ ਪਾਉਣ ਦੀਆਂ ਕੋਝੀਆਂ ਚਾਲਾਂ ਚੱਲ ਰਹੇ ਹਨ ਪਰ ਪੰਜਾਬੀਆਂ ਨੇ ਆਪਸੀ ਮਿਲਵਰਤਣ, ਸਦਭਾਵਨਾ ਤੇ ਏਕਤਾ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰ ਦਿੱਤਾ ਹੈ।

ਕਿਸਾਨਾਂ ਦੀਆਂ ਮੰਗਾਂ ਮੰਨੇ ਕੇਂਦਰ: ਭਗਵੰਤ ਮਾਨ
ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਸੀ ਕਿ ਪੰਜਾਬ ਦੇ ਕਿਸਾਨਾਂ ਨੇ ਸੂਬੇ ਦੇ ਸੀਮਤ ਕੁਦਰਤੀ ਸਰੋਤਾਂ ਦੇ ਬਾਵਜੂਦ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ-ਨਿਰਭਰ ਬਣਾਉਣ ਲਈ ਆਪਣਾ ਖੂਨ-ਪਸੀਨਾ ਵਹਾਇਆ। ਦੇਸ਼ ਦੀ ਹਕੂਮਤ ਦੇ ਕਿਸਾਨ ਵਿਰੋਧੀ ਵਤੀਰੇ ਕਾਰਨ ਅੱਜ ਦੇ ਪਵਿੱਤਰ ਦਿਹਾੜੇ ਮੌਕੇ ਵੀ ਕਿਸਾਨ ਅੰਦੋਲਨ ਕਰਨ ਲਈ ਮਜਬੂਰ ਹਨ। ਮੁੱਖ ਮੰਤਰੀ ਦਾ ਕਹਿਣਾ ਸੀ ਕਿ ਪੰਜਾਬ ਅਤੇ ਇਥੋਂ ਦੇ ਮਿਹਨਤਕਸ਼ ਲੋਕਾਂ ਪ੍ਰਤੀ ਮਤਰੇਈ ਮਾਂ ਵਾਲਾ ਸਲੂਕ ਬੰਦ ਕੀਤਾ ਜਾਵੇ ਤੇ ਕੇਂਦਰ ਕਿਸਾਨਾਂ ਦੀਆਂ ਮੰਗਾਂ ਤੁਰੰਤ ਮੰਨੇ।