
ਜਲੰਧਰ,-ਕਾਂਗਰਸੀ ਵਿਧਾਇਕਾਂ ਨੇ ਜਲੰਧਰ ਲੋਕ ਸਭਾ ਚੋਣ ਜਿੱਤਣ ਵਾਲੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਵਿਰੋਧ ਕਰਨ ਵਾਲੇ ਕਾਂਗਰਸ ਦੇ ਹੀ ਫਿਲੌਰ ਤੋਂ ਵਿਧਾਇਕ ਚੌਧਰੀ ਵਿਕਰਮਜੀਤ ਸਿੰਘ ਨੂੰ ਪਾਰਟੀ ਵਿੱਚੋਂ ਕੱਢਣ ਲਈ ਮੋਰਚਾ ਖੋਲ੍ਹ ਦਿੱਤਾ ਹੈ। ਕਾਂਗਰਸ ਦੇ ਸੀਨੀਅਰ ਆਗੂ ਤੇ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਕਿਹਾ ਕਿ ਚੌਧਰੀ ਵਿਕਰਮਜੀਤ ਸਿੰਘ ਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਚੌਧਰੀ ਵਿਕਰਮ ਨੇ ਭਾਜਪਾ ਦੀ ਮਦਦ ਕੀਤੀ ਹੈ। ਵਿਧਾਇਕ ਕੋਟਲੀ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੀ ਵੱਡੀ ਤੇ ਇਤਿਹਾਸਕ ਜਿੱਤ ਨੇ ਵਿਧਾਇਕ ਚੌਧਰੀ ਵਿਕਰਮਜੀਤ ਸਿੰਘ ਦਾ ਗ਼ਰੂਰ ਤੋੜ ਦਿੱਤਾ ਹੈ।
ਸ੍ਰੀ ਕੋਟਲੀ ਨੇ ਕਿਹਾ ਕਿ ਚੋਣਾਂ ਦੌਰਾਨ ਵਿਕਰਮਜੀਤ ਸਿੰਘ ਚੌਧਰੀ ਨੇ ਅਜਿਹੇ ਘਟੀਆ ਦੋਸ਼ ਲਾਏ ਸਨ ਜਿਨ੍ਹਾਂ ਨੂੰ ਜਲੰਧਰ ਦੇ ਲੋਕਾਂ ਨੇ ਮੂਲੋਂ ਹੀ ਰੱਦ ਕਰ ਦਿੱਤਾ ਹੈ। ਇੱਥੋਂ ਤੱਕ ਕਿ ਉਨ੍ਹਾਂ ਚਰਨਜੀਤ ਸਿੰਘ ਚੰਨੀ ਦੀ ਸ਼ਿਕਾਇਤ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕਰ ਦਿੱਤੀ ਸੀ। ਸ੍ਰੀ ਕੋਟਲੀ ਨੇ ਕਿਹਾ ਕਿ ਜੇ ਵਿਕਰਮਜੀਤ ਸਿੰਘ ਚੌਧਰੀ ਵਿੱਚ ਰੱਤੀ ਭਰ ਵੀ ਨੈਤਿਕਤਾ ਬਚੀ ਹੈ ਤਾਂ ਉਨ੍ਹਾਂ ਨੂੰ ਆਪਣੇ-ਆਪ ਵਿਧਾਇਕ ਵਜੋਂ ਅਸਤੀਫ਼ਾ ਦੇ ਕੇ ਭਾਜਪਾ ਵੱਲੋਂ ਚੋਣ ਲੜਨੀ ਚਾਹੀਦੀ ਹੈ। ਉਨ੍ਹਾਂ ਇਹ ਅਸਤੀਫ਼ਾ ਉਦੋਂ ਮੰਗਿਆ ਜਦੋਂ ਚਰਨਜੀਤ ਸਿੰਘ ਚੰਨੀ ਦੀ ਹਾਜ਼ਰੀ ਵਿੱਚ ਉੱਥੇ ਕਾਂਗਰਸ ਦੇ ਹੋਰ ਵਿਧਾਇਕ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਕਾਂਗਰਸ ਕਿਸੇ ਵੀ ਕੀਮਤ ’ਤੇ ਚੌਧਰੀ ਵਿਕਰਮਜੀਤ ਸਿੰਘ ਨੂੰ ਮੁਆਫ਼ ਨਹੀਂ ਕਰੇਗੀ ਕਿਉਂਕਿ ਉਨ੍ਹਾਂ ਚੰਨੀ ਦੇ ਬਹਾਨੇ ਸਮੁੱਚੇ ਦਲਿਤ ਸਮਾਜ ਨੂੰ ਅਪਮਾਨਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਚੌਧਰੀ ਸੰਤੋਖ ਸਿੰਘ ਬਹੁਤ ਹੀ ਨੇਕ ਦਿਲ ਇਨਸਾਨ ਸਨ, ਪਰ ਉਨ੍ਹਾਂ ਦੇ ਪੁੱਤਰ ਨੇ ਕਾਂਗਰਸ ਨੂੰ ਬਦਨਾਮ ਕਰਨ ’ਚ ਕੋਈ ਕਸਰ ਨਹੀਂ ਛੱਡੀ। ਉਨ੍ਹਾਂ ਦੋਸ਼ ਲਾਇਆ ਕਿ ਵਿਕਰਮਜੀਤ ਚੌਧਰੀ ਨੇ ਫਿਲੌਰ ਵਿੱਚ ਭਾਜਪਾ ਦੀ ਮਦਦ ਕੀਤੀ ਹੈ ਜਦਕਿ ਕਾਂਗਰਸ ਨੇ ਉਨ੍ਹਾਂ ਦੇ ਹਲਕੇ ਵਿੱਚੋਂ 46,956 ਵੋਟਾਂ ਹਾਸਲ ਕਰਕੇ ਭਾਜਪਾ ਨੂੰ 34,825 ਵੋਟਾਂ ਦੇ ਫ਼ਰਕ ਨਾਲ ਹਰਾਇਆ ਹੈ। ਇਹ ਚੌਧਰੀ ਪਰਿਵਾਰ ਲਈ ਬਹੁਤ ਹੀ ਨਮੋਸ਼ੀ ਵਾਲੀ ਹਾਰ ਹੈ। ਜਲੰਧਰ ਤੋਂ ਟਿਕਟ ਨਾ ਮਿਲਣ ਕਾਰਨ ਚੌਧਰੀ ਵਿਕਰਮਜੀਤ ਸਿੰਘ ਦੀ ਮਾਤਾ ਕਮਲਜੀਤ ਕੌਰ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ ਤੇ ਚੌਧਰੀ ਨੇ ਖ਼ੁਦ ਚਰਨਜੀਤ ਚੰਨੀ ਵਿਰੁੱਧ ਕੂੜ ਪ੍ਰਚਾਰ ਕਰਨ ਦੀ ਮੁਹਿੰੰਮ ਚਲਾਈ ਸੀ।