
ਚੰਡੀਗੜ੍ਹ-ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਅਪੀਲ ਕੀਤੀ ਕਿ ਸੁਪਰੀਮ ਕੋਰਟ ਵਿਚ ਐੱਸਵਾਈਐੱਲ ਦੇ ਕੇਸ ’ਤੇ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇ।ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਰਾਜਪਾਲ ਨੂੰ ਮਿਲੇ ਵਫ਼ਦ ਨੇ ਦਿੱਤੇ ਮੰਗ ਪੱਤਰ ਰਾਹੀਂ ਦੋਸ਼ ਲਾਇਆ ਕਿ ਪੰਜਾਬ ਦੇ ਮੁੱਖ ਮੰਤਰੀ ਤੇ ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਰਿਪੇਰੀਅਨ ਸਿਧਾਂਤ ਦੀ ਉਲੰਘਣਾ ਕਰਕੇ ਪੰਜਾਬ ਦਾ ਪਾਣੀ ਹਰਿਆਣਾ ਤੇ ਰਾਜਸਥਾਨ ਨੂੰ ਦੇਣ ’ਤੇ ਤੁਲੇ ਹਨ। ਅਕਾਲੀ ਦਲ ਦੇ ਵਫ਼ਦ ਨੇ ਕਿਹਾ ਕਿ ਪਾਰਟੀ ਪੰਜਾਬ ਵਿੱਚੋਂ ਇਕ ਬੂੰਦ ਵੀ ਪਾਣੀ ਬਾਹਰ ਨਹੀਂ ਜਾਣ ਦੇਵੇਗੀ। ਨਾ ਨਹਿਰ ਬਣੇਗੀ, ਨਾ ਪਾਣੀ ਹੈ। ਵਫ਼ਦ ਨੇ ਕਿਹਾ, ‘‘ਅਕਾਲੀ-ਭਾਜਪਾ ਸਰਕਾਰ ਵੱਲੋਂ 2016 ਵਿੱਚ ਨਹਿਰ ਲਈ ਐਕੁਆਇਰ ਜ਼ਮੀਨ ਅਸਲ ਕਿਸਾਨ ਮਾਲਕਾਂ ਨੂੰ ਵਾਪਸ ਕਰਨ ਮਗਰੋਂ ਸੂਬੇ ਵਿਚ ਐੱਸਵਾਈਐੱਲ ਦਾ ਪੰਜਾਬ ’ਚ ਕੋਈ ਵਜ਼ੂਦ ਨਹੀਂ ਹੈ ਤੇ ਨਾ ਹੀ ਸਾਡੇ ਕੋਲ ਵਾਧੂ ਪਾਣੀ ਹੈ।’’ ਅਕਾਲੀ ਦਲ ਦੇ ਵਫਦ ’ਚ ਸ਼ਾਮਲ ਬਿਕਰਮ ਸਿੰਘ ਮਜੀਠੀਆ, ਡਾ. ਦਲਜੀਤ ਸਿੰਘ ਚੀਮਾ, ਡਾ. ਸੁਖਵਿੰਦਰ ਕੁਮਾਰ ਤੇ ਅਨਿਲ ਜੋਸ਼ੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸੂਬੇ ਦਾ ਪਾਣੀ ਹਰਿਆਣਾ ’ਚ ਲਿਜਾਣ ਵਾਸਤੇ ਨਹਿਰ ਦੀ ਉਸਾਰੀ ਲਈ ਜਬਰੀ ਸਰਵੇਖਣ ਕਰਨ ਨਾਲ ਪੰਜਾਬ ਦੇ ਕਿਸਾਨਾਂ ਦੇ ਰੋਹ ਫੈਲ ਸਕਦਾ ਹੈ ਜਿਸ ਨੂੰ ਕਾਬੂ ਕਰਨਾ ਔਖਾ ਹੋਵੇਗਾ। ਇਹ ਕਦਮ ਇਸ ਸੰਵੇਦਨਸ਼ੀਲ ਰਾਜ ਦੀ ਸ਼ਾਂਤੀ ਲਈ ਵੀ ਢੁੱਕਵਾਂ ਨਹੀਂ ਹੋਵੇਗਾ। ਵਫ਼ਦ ਨੇ ਦੋਸ਼ ਲਾਇਆ ਕਿ ‘ਆਪ’ ਸਰਕਾਰ ਪੰਜਾਬ ਦੇ ਕੇਸ ਦੀ ਸਹੀ ਪੈਰਵੀ ਕਰਨ ਵਿਚ ਨਾਕਾਮ ਰਹੀ ਹੈ।