
ਸਰਕਾਰ ਨੇ ਸਾਂਝੇ ਫਰੰਟ ਨੂੰ ਕੈਬਨਿਟ ਸਬ-ਕਮੇਟੀ ਨਾਲ 15 ਅਪਰੈਲ ਨੂੰ ਮੀਟਿੰਗ ਦਾ ਸਮਾਂ ਦੇ ਕੇ ਸ਼ਾਂਤ ਕੀਤਾ
ਐੱਸ.ਏ.ਐੱਸ. ਨਗਰ (ਮੁਹਾਲੀ), (ਪੰਜਾਬੀ ਰਾਈਟਰ)- ਪੰਜਾਬ ਦੇ ਮੁਲਾਜ਼ਮਾਂ ਅਤੇ ਮਾਣਭੱਤਾ ਵਰਕਰਾਂ ਦੀਆਂ ਮੰਗਾਂ ਨਾ ਮੰਨਣ ਦੇ ਰੋਸ ਵਜੋਂ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਨੇ ਬਜਟ ਸੈਸ਼ਨ ਦੌਰਾਨ ਅੱਜ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਫੇਜ਼-8 ਨੇੜੇ ਸੂਬਾ ਸਰਕਾਰ ਦੀ ਵਾਅਦਾਖ਼ਿਲਾਫ਼ੀ ਵਿਰੁੱਧ ਲਲਕਾਰ ਰੈਲੀ ਕੀਤੀ। ਇਸ ਉਪਰੰਤ ਵਿਧਾਨ ਸਭਾ ਵੱਲ ਕੂਚ ਕਰਨ ਦਾ ਯਤਨ ਕੀਤਾ ਪਰ ਐੱਸਪੀ (ਸਿਟੀ) ਹਰਬੀਰ ਸਿੰਘ ਅਟਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪੁਲੀਸ ਨੇ ਮੁਹਾਲੀ-ਚੰਡੀਗੜ੍ਹ ਦੇ ਦਾਖ਼ਲਾ ਪੁਆਇੰਟ ’ਤੇ ਬੈਰੀਕੇਡਿੰਗ ਕਰ ਕੇ ਪ੍ਰਦਰਸ਼ਨਕਾਰੀਆਂ ਦਾ ਰਾਹ ਰੋਕ ਲਿਆ।
ਸਾਂਝਾ ਫਰੰਟ ਦੇ ਆਗੂਆਂ ਜਰਮਨਜੀਤ ਸਿੰਘ, ਸਤੀਸ਼ ਰਾਣਾ, ਗੁਰਪ੍ਰੀਤ ਗੰਡੀਵਿੰਡ, ਰਣਜੀਤ ਰਾਣਵਾਂ, ਬਾਜ ਸਿੰਘ ਖਹਿਰਾ, ਗਗਨਦੀਪ ਭੁੱਲਰ, ਸੁਖਦੇਵ ਸਿੰਘ ਸੈਣੀ, ਬਲਦੇਵ ਮੰਡਾਲੀ, ਜਸਵੀਰ ਤਲਵਾੜਾ ਨੇ ਕਿਹਾ ਕਿ ਪੰਜਾਬ ਸਰਕਾਰ ਮਾਣ-ਭੱਤਾ ਵਰਕਰਾਂ ’ਤੇ ਘੱਟੋ-ਘੱਟ ਉਜ਼ਰਤਾਂ ਕਾਨੂੰਨ ਲਾਗੂ ਕਰਨ, ਕੱਚੇ/ ਆਊਟਸੋਰਸ /ਇਨਲਿਸਟਡ ਅਤੇ ਵੱਖ-ਵੱਖ ਸੁਸਾਇਟੀਆਂ ਵਿੱਚ ਕੰਮ ਕਰਦੇ ਮੁਲਾਜ਼ਮਾਂ ਨੂੰ ਪੱਕਾ ਕਰਨ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ, 17-7-2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ’ਤੇ ਕੇਂਦਰ ਦੀ ਥਾਂ ਪੰਜਾਬ ਦੇ ਤਨਖ਼ਾਹ ਸਕੇਲ ਲਾਗੂ ਕਰਨ ਦੀ ਮੰਗ ਕੀਤੀ। ਬੁਲਾਰਿਆਂ ਨੇ ਕਿਹਾ ਕਿ ਪੇਂਡੂ ਤੇ ਬਾਰਡਰ ਏਰੀਆ ਸਮੇਤ ਕੱਟੇ 37 ਭੱਤੇ ਅਤੇ ਏਸੀਪੀ ਬਹਾਲ ਕਰਨ, ਪਰਖ ਕਾਲ ਦੌਰਾਨ ਮੁੱਢਲੀ ਤਨਖ਼ਾਹ ਦੇਣ ਦਾ ਫ਼ੈਸਲਾ ਰੱਦ ਕਰਨ, ਮਹਿੰਗਾਈ ਭੱਤੇ ਦੀਆਂ ਰਹਿੰਦੀਆਂ ਕਿਸ਼ਤਾਂ ਤੇ ਬਕਾਏ ਜਾਰੀ ਕਰਨ ਸਣੇ ਮੁਲਾਜ਼ਮਾਂ ਦੀਆਂ ਹੋਰ ਮੰਗਾਂ ਮੰਨਣ ਤੋਂ ਸਰਕਾਰ ਮੁਨਕਰ ਹੋ ਗਈ ਹੈ। ਨਵਪ੍ਰੀਤ ਬੱਲੀ, ਮਹਿੰਦਰ ਕੋਲਿਆਂਵਾਲੀ, ਸੁਰਿੰਦਰ ਪੁਆਰੀ, ਜੋਨੀ ਸਿੰਗਲਾ, ਰਣਜੀਤ ਸਿੰਘ ਢਿੱਲੋਂ ਆਦਿ ਨੇ ਕਿਹਾ ਕਿ ਵਾਅਦਾਖ਼ਿਲਾਫ਼ੀ ’ਚ ‘ਆਪ’ ਪਿਛਲੀਆਂ ਸਰਕਾਰਾਂ ਨੂੰ ਵੀ ਮਾਤ ਪਾ ਗਈ ਹੈ।
ਸੁਰਿੰਦਰਪਾਲ ਮੋਲੋਵਾਲੀ, ਜਗਦੀਸ਼ ਚਾਹਲ, ਹਰਜੀਤ ਸਿੰਘ ਤਰਖਾਣ ਮਾਜਰਾ, ਦਰਸ਼ਨ ਸਿੰਘ ਲੁਬਾਣਾ ਆਦਿ ਨੇ ਕਿਹਾ ਕਿ 26 ਮਾਰਚ ਨੂੰ ਪੇਸ਼ ਕੀਤੇ ਜਾਣ ਵਾਲੇ ਬਜਟ ਵਿੱਚ ਉਨ੍ਹਾਂ ਦੀਆਂ ਮੰਗਾਂ ਸਬੰਧੀ ਠੋਸ ਐਲਾਨ ਨਾ ਕੀਤੇ ਗਏ ਤਾਂ 27 ਤੇ 28 ਮਾਰਚ ਨੂੰ ਬਜਟ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ।
ਉਧਰ, ਪੰਜਾਬ ਸਰਕਾਰ ਨੇ ਸਾਂਝਾ ਫਰੰਟ ਦੇ ਆਗੂਆਂ ਨੂੰ ਕੈਬਨਿਟ ਸਬ-ਕਮੇਟੀ ਨਾਲ 15 ਅਪਰੈਲ ਨੂੰ ਮੀਟਿੰਗ ਦਾ ਸੱਦਾ ਦੇ ਕੇ ਸ਼ਾਂਤ ਕੀਤਾ। ਇਸ ਮਗਰੋਂ ਸਾਂਝੇ ਮੋਰਚੇ ਨੇ ਧਰਨਾ ਅਤੇ ਲਲਕਾਰ ਰੈਲੀ ਖ਼ਤਮ ਕਰਨ ਦਾ ਐਲਾਨ ਕੀਤਾ।