ਕੰਪਿਊਟਰ ਅਧਿਆਪਕਾਂ ਵੱਲੋਂ ਕਾਲੇ ਚੋਲੇ ਪਾ ਕੇ ਪ੍ਰਦਰਸ਼ਨ

ਕੰਪਿਊਟਰ ਅਧਿਆਪਕਾਂ ਵੱਲੋਂ ਕਾਲੇ ਚੋਲੇ ਪਾ ਕੇ ਪ੍ਰਦਰਸ਼ਨ

ਸੰਘਰਸ਼ੀ ਮੋਰਚੇ ’ਚ ਜ਼ਿਲ੍ਹਾ ਗੁਰਦਾਸਪੁਰ ਅਤੇ ਅੰਮ੍ਰਿਤਸਰ ਦੇ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ * ਮਰਨ ਵਰਤ 17ਵੇਂ ਤੇ ਭੁੱਖ ਹੜਤਾਲ 141ਵੇਂ ਦਿਨ ਵੀ ਜਾਰੀ

ਸੰਗਰੂਰ,(ਪੰਜਾਬੀ ਰਾਈਟਰ)- ਕੰਪਿਊਟਰ ਅਧਿਆਪਕਾਂ ਵੱਲੋਂ ਅੱਜ ਮਰਨ ਵਰਤ ਦੇ 17ਵੇਂ ਅਤੇ ਲੜੀਵਾਰ ਭੁੱਖ ਹੜਤਾਲ ਦੇ 141ਵੇਂ ਦਿਨ ਪੰਜਾਬ ਸਰਕਾਰ ਦੇ ਅੜੀਅਲ ਰਵੱਈਏ ਖ਼ਿਲਾਫ਼ ਕਾਲੇ ਚੋਲੇ ਪਾ ਕੇ ਰੋਸ ਜ਼ਾਹਰ ਕੀਤਾ ਗਿਆ। ਕੰਪਿਊਟਰ ਅਧਿਆਪਕ ਰਣਜੀਤ ਸਿੰਘ 17ਵੇਂ ਦਿਨ ਵੀ ਮਰਨ ਵਰਤ ’ਤੇ ਡਟਿਆ ਰਿਹਾ, ਕੰਪਿਊਟਰ ਅਧਿਆਪਕ ਜੋਨੀ ਸਿੰਗਲਾ ਤੰਦਰੁਸਤ ਹੋਣ ਮਗਰੋਂ ਅੱਜ ਸੰਘਰਸ਼ੀ ਮੋਰਚੇ ’ਚ ਸ਼ਾਮਲ ਹੋ ਗਿਆ ਹੈ। ਜੋਨੀ ਸਿੰਗਲਾ ਨੂੰ ਮਰਨ ਵਰਤ ਦੇ 12ਵੇਂ ਦਿਨ 2 ਜਨਵਰੀ ਦੀ ਰਾਤ ਨੂੰ ਪੁਲੀਸ ਵਲੋਂ ਜਬਰੀ ਚੁੱਕ ਕੇ ਰਾਜਿੰਦਰਾ ਹਸਪਤਾਲ ਪਟਿਆਲਾ ਵਿੱਚ ਦਾਖ਼ਲ ਕਰਵਾ ਦਿੱਤਾ ਗਿਆ ਸੀ। ਉਸ ਦੀ ਥਾਂ ਰਣਜੀਤ ਸਿੰਘ ਨੇ ਮਰਨ ਵਰਤ ਸ਼ੁਰੂ ਕਰ ਦਿੱਤਾ ਸੀ।

ਕੰਪਿਊਟਰ ਅਧਿਆਪਕ ਪਿਛਲੇ ਕਰੀਬ ਸਾਢੇ ਚਾਰ ਮਹੀਨਿਆਂ ਤੋਂ ਵੀ ਵੱਧ ਸਮੇਂ ਤੋਂ ਇੱਥੇ ਡੀਸੀ ਦਫ਼ਤਰ ਅੱਗੇ ਸੰਘਰਸ਼ੀ ਮੋਰਚੇ ’ਤੇ ਡਟੇ ਹੋਏ ਹਨ। ਅੱਜ ਸੰਘਰਸ਼ੀ ਮੋਰਚੇ ’ਚ ਜ਼ਿਲ੍ਹਾ ਗੁਰਦਾਸਪੁਰ ਅਤੇ ਅੰਮ੍ਰਿਤਸਰ ਜ਼ਿਲ੍ਹਿਆਂ ਦੇ ਕੰਪਿਊਟਰ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ ਅਤੇ ਕਾਲੇ ਚੋਲੇ ਪਾ ਕੇ ਸਰਕਾਰ ਖ਼ਿਲਾਫ਼ ਰੋਹ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਦੇ ਸੂਬਾ ਆਗੂਆਂ ਜੋਨੀ ਸਿੰਗਲਾ, ਰਣਜੀਤ ਸਿੰਘ, ਬਲਜੀਤ ਸਿੰਘ ਪਟਿਆਲਾ, ਨਰਦੀਪ ਸ਼ਰਮਾ, ਸੁਨੀਤ ਸਰੀਨ ਜਲੰਧਰ ਅਤੇ ਰਾਜਵੰਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਭਲਕੇ 20 ਜਨਵਰੀ ਨੂੰ ਡੀਏ ਦਾ ਪੱਤਰ ਜਾਰੀ ਕਰਨ ਦਾ ਵਾਅਦਾ ਕੀਤਾ ਗਿਆ ਹੈ ਅਤੇ ਕੰਪਿਊਟਰ ਅਧਿਆਪਕਾਂ ਦੀ ਸਰਕਾਰ ਦੇ ਇਸ ਫ਼ੈਸਲੇ ਉਪਰ ਟੇਕ ਰਹੇਗੀ। ਉਨ੍ਹਾਂ ਕਿਹਾ ਕਿ ਜੇ ਭਲਕੇ ਪੱਤਰ ਜਾਰੀ ਨਾ ਕੀਤਾ ਗਿਆ ਤਾਂ ਕੰਪਿਊਟਰ ਅਧਿਆਪਕਾਂ ਦਾ ਮਰਨ ਵਰਤ ਅਗਲੀ ਦਿਸ਼ਾ ਤੈਅ ਕਰੇਗਾ ਤੇ 22 ਜਨਵਰੀ ਨੂੰ ਪੰਜਾਬ ਭਰ ਦੇ ਕੰਪਿਊਟਰ ਅਧਿਆਪਕ ਦਿੱਲੀ ਕੂਚ ਕਰਨਗੇ।