ਕੈਬਨਿਟ ਸਬ ਕਮੇਟੀ ਨਾਲ ਮੀਟਿੰਗ ਰੱਦ ਹੋਣ ਤੋਂ ਕੰਪਿਊਟਰ ਅਧਿਆਪਕ ਖਫ਼ਾ

ਕੈਬਨਿਟ ਸਬ ਕਮੇਟੀ ਨਾਲ ਮੀਟਿੰਗ ਰੱਦ ਹੋਣ ਤੋਂ ਕੰਪਿਊਟਰ ਅਧਿਆਪਕ ਖਫ਼ਾ

ਅਧਿਆਪਕਾਂ ਵੱਲੋਂ 2 ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਸੂਬਾ ਪੱਧਰੀ ਰੈਲੀ ਦਾ ਐਲਾਨ

ਸੰਗਰੂਰ,(ਪੰਜਾਬੀ ਰਾਈਟਰ)- ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਦੀ ਚੰਡੀਗੜ੍ਹ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਕੈਬਨਿਟ ਸਬ ਕਮੇਟੀ ਅਤੇ ਸਿੱਖਿਆ ਮੰਤਰੀ ਨਾਲ ਅੱਜ ਹੋਣ ਵਾਲੀ ਮੀਟਿੰਗ ਸਰਕਾਰ ਵਲੋਂ ਰੱਦ ਕਰਨ ਤੋਂ ਖਫ਼ਾ ਕੰਪਿਊਟਰ ਅਧਿਆਪਕਾਂ ਵੱਲੋਂ 2 ਮਾਰਚ ਨੂੰ ਇਥੇ ਮੁੱਖ ਮੰਤਰੀ ਦੀ ਕੋਠੀ ਅੱਗੇ ਸੂਬਾ ਪੱਧਰੀ ਮਹਾਂ ਰੈਲੀ ਕਰਨ ਦਾ ਐਲਾਨ ਕੀਤਾ ਗਿਆ ਹੈ। ਕੰਪਿਊਟਰ ਅਧਿਆਪਕਾਂ ਵੱਲੋਂ ਸਥਾਨਕ ਡੀਸੀ ਦਫ਼ਤਰ ਅੱਗੇ ਚੱਲ ਰਿਹਾ ਸੂਬਾ ਪੱਧਰੀ ਪੱਕਾ ਮੋਰਚਾ ਅੱਜ 174ਵੇਂ ਦਿਨ ਵੀ ਜਾਰੀ ਰਿਹਾ। ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਦੇ ਸੂਬਾ ਆਗੂਆਂ ਪਰਮਵੀਰ ਸਿੰਘ, ਪਰਦੀਪ ਮਲੂਕਾ, ਜੌਨੀ ਸਿੰਗਲਾ, ਨਰਦੀਪ ਸ਼ਰਮਾ, ਰਣਜੀਤ ਸਿੰਘ, ਬਲਜੀਤ ਸਿੰਘ, ਸੀਮਾ ਰਾਣੀ, ਰਜਵੰਤ ਕੌਰ ਆਦਿ ਨੇ ਦੱਸਿਆ ਕਿ ਅੱਜ ਵਿੱਤ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਸਬ ਕਮੇਟੀ ਤੇ ਸਿੱਖਿਆ ਮੰਤਰੀ ਨਾਲ ਪੈਨਲ ਮੀਟਿੰਗ ਹੋਣੀ ਸੀ ਪਰ ਇਹ ਮੀਟਿੰਗ ਬਿਨਾਂ ਕੋਈ ਜਾਣਕਾਰੀ ਦਿੱਤੇ ਰੱਦ ਕਰ ਦਿੱਤੀ ਗਈ। ਇਸ ਕਾਰਨ ਕੰਪਿਊਟਰ ਅਧਿਆਪਕਾਂ ’ਚ ਰੋਸ ਹੈ। ਇਸੇ ਕਾਰਨ ਸੰਘਰਸ਼ ਕਮੇਟੀ ਨੇ 2 ਮਾਰਚ ਨੂੰ ਸੰਗਰੂਰ ’ਚ ਮੁੱਖ ਮੰਤਰੀ ਦੀ ਕੋਠੀ ਅੱਗੇ ਸੂਬਾ ਪੱਧਰੀ ਮਹਾਂ ਰੈਲੀ ਕਰਨ ਦਾ ਫੈਸਲਾ ਲਿਆ ਹੈ ਜਿਸ ਵਿਚ ਸੂਬੇ ਭਰ ਦੇ ਕੰਪਿਊਟਰ ਅਧਿਆਪਕ ਸਮੂਹਿਕ ਛੁੱਟੀ ਲੈ ਕੇ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਜੇ ਸਮਾਂ ਰਹਿੰਦੇ ਕੰਪਿਊਟਰ ਅਧਿਆਪਕਾਂ ਦੇ ਹੱਕ ਬਹਾਲ ਨਾ ਕੀਤੇ ਗਏ ਤਾਂ ਉਹ ਸੰਘਰਸ਼ ਨੂੰ ਹੋਰ ਤੇਜ਼ ਕਰ ਦੇਣਗੇ।