ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਝੰਡੀ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਝੰਡੀ

* ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹੋਵੇਗਾ ਯੋਜਨਾ ਦਾ ਆਗਾਜ਼
ਚੰਡੀਗੜ੍ਹ - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਨੂੰ ਹਰੀ ਝੰਡੀ ਦਿੱਤੀ ਗਈ ਹੈ, ਜਿਸ ਤਹਤਿ ਸੂਬੇ ਦੇ ਲੋਕਾਂ ਨੂੰ ਤੀਰਥ ਸਥਾਨਾਂ ਦੀ ਯਾਤਰਾ ਕਰਨ ਦੀ ਸਹੂਲਤ ਦਿੱਤੀ ਜਾਵੇਗੀ। ਮੰਤਰੀ ਮੰਡਲ ਨੇ ਸੂਬੇ ਦੇ ਵਪਾਰੀਆਂ ਨੂੰ ਦੀਵਾਲੀ ਦਾ ਤੋਹਫ਼ਾ ਦਿੰਦਿਆਂ ਜੀਐੱਸਟੀ ਤੋਂ ਪਹਿਲਾਂ ਦੇ ਡਿਫਾਲਟਰਾਂ ਲਈ ਯਕਮੁਸ਼ਤ ਨਿਪਟਾਰਾ ਸਕੀਮ ਨੂੰ ਮਨਜ਼ੂਰੀ ਦਿੱਤੀ ਹੈ। ਇਸ ਤੋਂ ਇਲਾਵਾ ਫੌਜ ਵਿੱਚ ਨੌਕਰੀ ਦੌਰਾਨ ਨਕਾਰਾ ਹੋਏ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ ਦੁੱਗਣੀ ਕਰ ਦਿੱਤੀ ਅਤੇ ਪਟਵਾਰੀਆਂ ਤੇ ਕਾਨੂੰਨਗੋ ਦਾ ਸੂਬਾਈ ਕਾਡਰ ਬਣਾਉਣ ਦਾ ਫੈਸਲਾ ਕੀਤਾ ਹੈ।
ਕੈਬਨਿਟ ਮੀਟਿੰਗ ਤੋਂ ਬਾਅਦ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ 27 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ੁਰੂ ਕੀਤੀ ਜਾਵੇਗੀ। ਇਸ ਸਕੀਮ ਅਧੀਨ ਸੂਬੇ ਦੇ ਹਰ ਵਰਗ ਦੇ ਲੋਕਾਂ ਨੂੰ ਦੇਸ਼ ਭਰ ’ਚ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਸਤੇ ਮੁਫ਼ਤ ਸਫ਼ਰ ਦੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਰੇਲ ਤੇ ਬੱਸ ਰਾਹੀਂ ਧਾਰਮਿਕ ਅਸਥਾਨ ਸ੍ਰੀ ਹਜ਼ੂਰ ਸਾਹਿਬ (ਨਾਂਦੇੜ), ਸ੍ਰੀ ਪਟਨਾ ਸਾਹਿਬ (ਬਿਹਾਰ), ਵਾਰਾਨਸੀ ਮੰਦਿਰ, ਅਯੁੱਧਿਆ ਤੇ ਵਰਿੰਦਾਵਨ ਧਾਮ (ਉੱਤਰ ਪ੍ਰਦੇਸ਼), ਸ੍ਰੀ ਅਜਮੇਰ ਸ਼ਰੀਫ਼ (ਰਾਜਸਥਾਨ) ਤੋਂ ਇਲਾਵਾ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਅੰਮ੍ਰਤਿਸਰ ਸਾਹਿਬ, ਸਾਲਾਸਰ ਧਾਮ, ਮਾਤਾ ਚਿੰਤਪੁਰਨੀ, ਮਾਤਾ ਵੈਸ਼ਨੂੰ ਦੇਵੀ, ਮਾਤਾ ਜਵਾਲਾ ਜੀ ਵਰਗੇ ਅਸਥਾਨਾਂ ਦੀ ਯਾਤਰਾ ਕਰਵਾਈ ਜਾਵੇਗੀ। ਸੂਬਾ ਸਰਕਾਰ ਨੇ ਤੀਰਥ ਯਾਤਰਾ ਸਕੀਮ ਲਈ 40 ਕਰੋੜ ਰੁਪਏ ਦਾ ਬਜਟ ਰੱਖਿਆ ਹੈ। ਇਸ ਲਈ ਕੈਬਨਿਟ ਮੰਤਰੀ ਅਮਨ ਅਰੋੜਾ, ਕੁਲਦੀਪ ਸਿੰਘ ਧਾਲੀਵਾਲ ਤੇ ਲਾਲਜੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਸਬ-ਕਮੇਟੀ ਕੰਮ ਕਰੇਗੀ।
ਦਿੱਲੀ ਵਿੱਚ ਵੀ ‘ਆਪ’ ਨੇ 9 ਜਨਵਰੀ, 2018 ਨੂੰ ‘ਮੁੱਖ ਮੰਤਰੀ ਤੀਰਥ ਯਾਤਰਾ’ ਸ਼ੁਰੂ ਕੀਤੀ ਸੀ ਜਿਸ ਤਹਤਿ 60 ਸਾਲ ਦੀ ਉਮਰ ਤੋਂ ਵੱਧ ਦੇ ਵਿਅਕਤੀ ਯੋਗ ਸਨ ਅਤੇ ਉਨ੍ਹਾਂ ਨੂੰ ਆਪਣੇ ਨਾਲ ਇੱਕ ਅਟੈਂਡੈਂਟ ਲਜਿਾਣ ਦੀ ਸਹੂਲਤ ਵੀ ਦਿੱਤੀ ਗਈ ਸੀ। ਪੰਜਾਬ ਵਿੱਚ ਅਕਾਲੀ ਦਲ-ਭਾਜਪਾ ਸਰਕਾਰ ਵੇਲੇ ਵੀ ਪਹਿਲੀ ਜਨਵਰੀ, 2016 ਨੂੰ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਦੀ ਸ਼ੁਰੂਆਤ ਕੀਤੀ ਗਈ ਸੀ ਜਿਸ ਤਹਤਿ ਪ੍ਰਤੀ ਯਾਤਰੀ ਪ੍ਰਤੀ ਦਿਨ ਦੇ 1855 ਰੁਪਏ ਖ਼ਰਚੇ ਗਏ ਸਨ। ਸਾਲ 2015-16 ਵਿਚ ਇਸ ਸਕੀਮ ਤਹਤਿ 46.50 ਕਰੋੜ ਦੀ ਰਾਸ਼ੀ ਖ਼ਰਚ ਕੀਤੀ ਗਈ ਅਤੇ ਸਾਲ 2016-17 ਵਿਚ 140 ਕਰੋੜ ਦਾ ਬਜਟ ਰੱਖਿਆ ਗਿਆ ਸੀ। ਹੁਣ ਪੰਜਾਬ ਵਿੱਚ ‘ਆਪ’ ਸਰਕਾਰ ਨੇ ਮੁੜ ਤੋਂ ਸਕੀਮ ਸ਼ੁਰੂ ਕੀਤੀ ਹੈ। ਸ੍ਰੀ ਚੀਮਾ ਨੇ ਕਿਹਾ ਕਿ ਸਰੀਰਕ ਤੌਰ ’ਤੇ ਨਕਾਰਾ ਹੋਏ ਸੈਨਿਕਾਂ ਦੀ ਐਕਸ-ਗ੍ਰੇਸ਼ੀਆ ਗਰਾਂਟ ਦੁੱਗਣੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ 76 ਤੋਂ 100 ਫੀਸਦੀ ਤੱਕ ਨਕਾਰਾ ਹੋਏ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਗਰਾਂਟ 20 ਲੱਖ ਰੁਪਏ ਤੋਂ ਵਧਾ ਕੇ 40 ਲੱਖ ਰੁਪਏ ਕਰ ਦਿੱਤੀ। ਇਸੇ ਤਰ੍ਹਾਂ 51 ਤੋਂ 75 ਫੀਸਦੀ ਤੱਕ ਨਕਾਰਾ ਹੋਣ ਵਾਲੇ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਗਰਾਂਟ 10 ਲੱਖ ਰੁਪਏ ਤੋਂ ਵਧਾ ਕੇ 20 ਲੱਖ ਰੁਪਏ ਤੇ 25 ਤੋਂ 50 ਫੀਸਦੀ ਤੱਕ ਨਕਾਰਾ ਹੋਣ ਵਾਲੇ ਸੈਨਿਕਾਂ ਲਈ ਪੰਜ ਲੱਖ ਰੁਪਏ ਤੋਂ ਵਧਾ ਕੇ 10 ਲੱਖ ਰੁਪਏ ਕਰ ਦਿੱਤੀ ਹੈ। ਇਸ ਦੇ ਨਾਲ ਹੀ ਮੰਤਰੀ ਮੰਡਲ ਨੇ ‘ਦਾ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948’ ’ਚ ਸੋਧ ਕਰਦਿਆਂ 83 ਲਾਭਪਾਤਰੀਆਂ ਨੂੰ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ 10,000 ਰੁਪਏ ਤੋਂ ਵਧਾ ਕੇ 20,000 ਰੁਪਏ ਸਾਲਾਨਾ ਕਰ ਦਿੱਤੀ ਹੈ। ਮੰਤਰੀ ਮੰਡਲ ਨੇ ਦੂਜੀ ਆਲਮੀ ਜੰਗ, ਕੌਮੀ ਐਮਰਜੈਂਸੀ 1962 ਤੇ 1971 ਦੌਰਾਨ ਭਾਰਤੀ ਫੌਜ ਵਿੱਚ ਸੇਵਾ ਨਿਭਾਉਣ ਵਾਲਿਆਂ ਦੇ ਮਾਪਿਆਂ ਨੂੰ ਦਿੱਤੀ ਜਾਣ ਵਾਲੀ ਜੰਗੀ ਜਗੀਰ ਦੀ ਰਾਸ਼ੀ ਵੀ 20,000 ਰੁਪਏ ਸਾਲਾਨਾ ਕਰ ਦਿੱਤੀ ਹੈ। ਮਾਲ ਵਿਭਾਗ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਲਈ ਪਟਵਾਰੀਆਂ ਤੇ ਕਾਨੂੰਨਗੋ ਦਾ ਸੂਬਾਈ ਕਾਡਰ ਸਿਰਜਣ ਦੀ ਪ੍ਰਵਾਨਗੀ ਦੇ ਦਿੱਤੀ ਹੈ।