ਇਜ਼ਰਾਈਲ-ਲੈਬਨਾਨ ਜੰਗਬੰਦੀ ਵਿੱਚ ਤਿੰਨ ਹਫ਼ਤਿਆਂ ਦਾ ਵਾਧਾ

ਇਜ਼ਰਾਈਲ-ਲੈਬਨਾਨ ਜੰਗਬੰਦੀ ਵਿੱਚ ਤਿੰਨ ਹਫ਼ਤਿਆਂ ਦਾ ਵਾਧਾ

ਵਾਸ਼ਿੰਗਟਨ (ਪੰਜਾਬੀ ਰਾਈਟਰ)- ਪੱਛਮੀ ਏਸ਼ੀਆ ਵਿੱਚ ਜਾਰੀ ਤਣਾਅ ਦਰਮਿਆਨ ਇੱਕ ਵੱਡੀ ਰਾਹਤ ਵਾਲੀ ਖ਼ਬਰ ਸਾਹਮਣੇ ਆਈ ਹੈ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਵ੍ਹਾਈਟ ਹਾਊਸ ਵਿੱਚ ਹੋਈ ਇੱਕ ਉੱਚ-ਪੱਧਰੀ ਮੀਟਿੰਗ ਤੋਂ ਬਾਅਦ ਲੈਬਨਾਨ ਅਤੇ ਇਜ਼ਰਾਈਲ ਦਰਮਿਆਨ ਜੰਗਬੰਦੀ ਨੂੰ ਅਗਲੇ ਤਿੰਨ ਹਫ਼ਤਿਆਂ ਲਈ ਵਧਾ ਦਿੱਤਾ ਗਿਆ ਹੈ। ਓਵਲ ਆਫ਼ਿਸ ਵਿੱਚ ਹੋਈ ਇਸ ਮੀਟਿੰਗ ਵਿੱਚ ਅਮਰੀਕਾ ਦੀ ਵਿਚੋਲਗੀ ਹੇਠ ਦੋਵਾਂ ਦੇਸ਼ਾਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ, ਜਿਸ ਦਾ ਮੁੱਖ ਮਕਸਦ ਖਿੱਤੇ ਵਿੱਚ ਖ਼ੂਨ-ਖ਼ਰਾਬੇ ਨੂੰ ਰੋਕਣਾ ਹੈ। ਰਾਸ਼ਟਰਪਤੀ ਟਰੰਪ ਨੇ ਇਜ਼ਰਾਈਲ ਦੇ ਰਾਜਦੂਤ ਯੇਚੀਲ ਲੀਟਰ ਅਤੇ ਲੈਬਨਾਨ ਦੀ ਰਾਜਦੂਤ ਨਾਦਾ ਮੁਆਵਦ ਨਾਲ ਮੁਲਾਕਾਤ ਤੋਂ ਬਾਅਦ ਸੋਸ਼ਲ ਮੀਡੀਆ ਪਲੇਟਫਾਰਮ ‘ਟਰੂਥ ਸੋਸ਼ਲ’ ’ਤੇ ਇਸ ਦੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਲਿਖਿਆ, “ ਮੀਟਿੰਗ ਬਹੁਤ ਸਾਰਥਕ ਰਹੀ! ਸੰਯੁਕਤ ਰਾਜ ਅਮਰੀਕਾ ਹਿਜ਼ਬੁੱਲ੍ਹਾ ਤੋਂ ਆਪਣੀ ਰੱਖਿਆ ਕਰਨ ਲਈ ਲੈਬਨਾਨ ਦੀ ਪੂਰੀ ਮਦਦ ਕਰੇਗਾ।” ਜ਼ਿਕਰਯੋਗ ਹੈ ਕਿ ਇਹ ਗੱਲਬਾਤ ਅਜਿਹੇ ਸਮੇਂ ਹੋਈ ਹੈ ਜਦੋਂ ਇਕ ਦਿਨ ਪਹਿਲਾਂ ਹੀ ਇਜ਼ਰਾਇਲੀ ਹਮਲਿਆਂ ਵਿੱਚ ਇੱਕ ਪੱਤਰਕਾਰ ਸਮੇਤ ਪੰਜ ਲੋਕਾਂ ਦੀ ਮੌਤ ਹੋ ਗਈ ਸੀ।