ਪੰਜਾਬ ’ਚ ਰਾਹੁਲ ਕਰਨਗੇ ਕਾਂਗਰਸ ਦੀ ਚੋਣ ਮੁਹਿੰਮ ਦੀ ਸ਼ੁਰੂਆਤ

ਪੰਜਾਬ ’ਚ ਰਾਹੁਲ ਕਰਨਗੇ ਕਾਂਗਰਸ ਦੀ ਚੋਣ ਮੁਹਿੰਮ ਦੀ ਸ਼ੁਰੂਆਤ

ਚੰਡੀਗੜ੍ਹ, 23 ਜੁਲਾਈ (ਪੰਜਾਬੀ ਰਾਈਟਰ)- ਪੰਜਾਬ ਕਾਂਗਰਸ ਵਿਚਕਾਰ ਪਿਛਲੇ ਕਈ ਦਿਨਾਂ ਤੋਂ ਚੱਲ ਰਹੇ ਅੰਦਰੂਨੀ ਟਕਰਾਅ ਦਰਮਿਆਨ ਅੱਜ ਕਾਂਗਰਸ ਪਾਰਟੀ ਦੇ ਕੌਮੀ ਜਨਰਲ ਸਕੱਤਰ ਕੇ ਸੀ ਵੇਣੂਗੋਪਾਲ ਵੱਲੋਂ ਨਵੀਂ ਦਿੱਲੀ ਸਥਿਤ ਇੰਦਰਾ ਭਵਨ ਵਿੱਚ ਪੰਜਾਬ ਕਾਂਗਰਸ ਦੇ ਆਗੂਆਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਣੇ ਪੰਜਾਬ ਦੇ ਵੱਡੀ ਗਿਣਤੀ ਆਗੂ ਮੌਜੂਦ ਰਹੇ। ਇਸ ਮੌਕੇ ਕਾਂਗਰਸ ਹਾਈਕਮਾਂਡ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀਆਂ ਤਿਆਰੀਆਂ ਬਾਰੇ ਰਿਪੋਰਟ ਪੇਸ਼ ਕੀਤੀ ਗਈ, ਜਿਸ ’ਤੇ ਸਾਰਿਆਂ ਨੇ ਮੰਥਨ ਕੀਤਾ। ਇਸ ਮੌਕੇ ਫ਼ੈਸਲਾ ਕੀਤਾ ਗਿਆ ਕਿ ਪੰਜਾਬ ਵਿੱਚ ਕਾਂਗਰਸ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਰਾਹੁਲ ਗਾਂਧੀ ਵੱਲੋਂ ਕੀਤੀ ਜਾਵੇਗੀ। ਇਹ ਕਦੋਂ ਤੋਂ ਸ਼ੁਰੂ ਕੀਤੀ ਜਾਵੇਗੀ, ਉਸ ਦਾ ਫ਼ੈਸਲਾ ਪਾਰਟੀ ਵੱਲੋਂ ਜਲਦੀ ਲਿਆ ਜਾਵੇਗਾ। ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨੇ ਕਿਹਾ ਕਿ ਜਲਦੀ ਹੀ ਪੰਜਾਬ ਲਈ ਅਗਲੀ ਰੂਪ-ਰੇਖਾ ’ਤੇ ਚਰਚਾ ਕਰਨ ਲਈ ਕਾਂਗਰਸ ਹਾਈਕਮਾਂਡ ਤੋਂ ਸਮਾਂ ਲਿਆ ਜਾਵੇਗਾ। ਸ੍ਰੀ ਬਘੇਲ ਨੇ ਕਿਹਾ ਕਿ ਪਾਰਟੀ ਵੱਲੋਂ ਚੋਣ ਮੁਹਿੰਮ ਦੌਰਾਨ ਜਨਤਕ ਰੈਲੀਆਂ ਕਰਨ ਜਾਂ ਫਿਰ ਬੱਸ ਯਾਤਰਾ ਕੱਢਣ ਬਾਰੇ ਚਰਚਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਂਡ ਨਾਲ ਗੱਲਬਾਤ ਕਰ ਕੇ ਇਸ ਮਹੀਨੇ ਦੇ ਅਖ਼ੀਰ ਤੱਕ ਫ਼ੈਸਲਾ ਲਿਆ ਜਾਵੇਗਾ। ਹਾਲਾਂਕਿ, ਕਾਂਗਰਸ ਹਾਈਕਮਾਂਡ ਨੇ ਪੰਜਾਬ ਦੇ ਸਾਰੇ ਆਗੂਆਂ ਨੂੰ ਇਕੱਠੇ ਕਰ ਕੇ ਇਕਜੁੱਟਤਾ ਦਾ ਸੁਨੇਹਾ ਦਿੱਤਾ।