ਇਮਰਾਨ ਖ਼ਾਨ ਇਸਲਾਮਾਬਾਦ ਹਾਈ ਕੋਰਟ ਦੇ ਬਾਹਰੋਂ ਗ੍ਰਿਫ਼ਤਾਰ

ਇਮਰਾਨ ਖ਼ਾਨ ਇਸਲਾਮਾਬਾਦ ਹਾਈ ਕੋਰਟ ਦੇ ਬਾਹਰੋਂ ਗ੍ਰਿਫ਼ਤਾਰ

ਇਸਲਾਮਾਬਾਦ/ਲਾਹੌਰ,10 ਮਈ - ਪੈਰਾਮਿਲਟਰੀ ਰੇਂਜਰਾਂ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਅੱਜ ਇਸਲਾਮਾਬਾਦ ਹਾਈ ਕੋਰਟ ਦੇ ਬਾਹਰੋਂ ਗ੍ਰਿਫ਼ਤਾਰ ਕਰ ਲਿਆ। ਖ਼ਾਨ ਭ੍ਰਿਸ਼ਟਾਚਾਰ ਕੇਸ ਦੀ ਸੁਣਵਾਈ ਲਈ ਕੋਰਟ ਅਹਾਤੇ ਵਿੱਚ ਮੌਜੂਦ ਸਨ। ਗ੍ਰਿਫ਼ਤਾਰੀ ਮਗਰੋਂ ਖ਼ਾਨ ਨੂੰ ਰਾਵਲਪਿੰਡੀ ਸਥਿਤ ਕੌਮੀ ਜਵਾਬਦੇਹੀ ਬਿਊਰੋ (ਐੱਨਏਬੀ) ਦੇ ਦਫ਼ਤਰ ਵਿੱਚ ਤਬਦੀਲ ਕੀਤੇ ਜਾਣ ਦੀਆਂ ਰਿਪੋਰਟਾਂ ਹਨ। ਹਾਲਾਂਕਿ ਪਾਕਿਸਤਾਨ ਤਹਿਰੀਕ-ਏ-ਇਨਸਾਫ਼(ਪੀਟੀਆਈ) ਦੇ ਆਗੂ ਫ਼ਵਾਦ ਚੌਧਰੀ ਨੇ ਖ਼ਾਨ ਨੂੰ ਕਿਸੇ ਅਣਦੱਸੀ ਥਾਂ ਤਬਦੀਲ ਕਰਨ ਦਾ ਦਾਅਵਾ ਕੀਤਾ ਹੈ। ਪਾਰਟੀ ਨੇ ਖ਼ਾਨ ’ਤੇ ਤਸ਼ੱਦਦ ਕੀਤੇ ਜਾਣ ਦਾ ਵੀ ਦਾਅਵਾ ਕੀਤਾ ਹੈ, ਹਾਲਾਂਕਿ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ। ਪੀਟੀਆਈ ਦੇ ਸਕੱਤਰ ਜਨਰਲ ਅਸਦ ਉਮਰ ਨੇ ਟਵੀਟ ਕੀਤਾ ਕਿ ਪਾਰਟੀ ਦੇ ਉਪ ਚੇਅਰਮੈਨ ਸ਼ਾਹ ਮਹਿਮੂਦ ਕੁਰੈਸ਼ੀ ਦੀ ਅਗਵਾਈ ਵਾਲੀ ਛੇ ਮੈਂਬਰੀ ਕਮੇਟੀ ਵੱਲੋਂ ਅਗਲੇ ਸੰਘਰਸ਼ ਦੀ ਰਣਨੀਤੀ ਘੜੀ ਜਾਵੇਗੀ। ਇਸ ਦੌਰਾਨ ਭਾਰਤ ਨੇ ਪਾਕਿਸਤਾਨ ਨਾਲ ਲੱਗਦੀ ਸਰਹੱਦ ’ਤੇ ਸੁਰੱਖਿਆ ਵਧਾ ਦਿੱਤੀ ਹੈ। ਦੱਸ ਦੇਈਏ ਕਿ ਖ਼ਾਨ ਨੇ ਅਜੇ ਇਕ ਦਿਨ ਪਹਿਲਾਂ ਦੇਸ਼ ਦੀ ਤਾਕਤਵਾਰ ਫੌਜ ’ਤੇ ਉਨ੍ਹਾਂ ਦੀ ਹੱਤਿਆ ਦੀ ਕਥਿਤ ਸਾਜ਼ਿਸ਼ ਘੜਨ ਦਾ ਦੋਸ਼ ਲਾਇਆ ਸੀ। ਉਨ੍ਹਾਂ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਨੇ ਸਾਬਕਾ ਕ੍ਰਿਕਟਰ ਤੋਂ ਸਿਆਸਤਦਾਨ ਬਣੇ 70 ਸਾਲਾ ਆਗੂ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਹੈ। ਖ਼ਾਨ ਦੀ ਗ੍ਰਿਫ਼ਤਾਰੀ ਅਜਿਹੇ ਮੌਕੇ ਹੋਈ ਹੈ ਜਦੋਂ ਇਕ ਦਿਨ ਪਹਿਲਾਂ ਪਾਕਿਸਤਾਨੀ ਫੌਜ ਨੇ ਗੱਦੀਓਂ ਲਾਹੇ ਪ੍ਰਧਾਨ ਮੰਤਰੀ ਵੱਲੋਂ ਖੁਫ਼ੀਆ ਏਜੰਸੀ ਆਈਐੱਸਆਈ ਦੇ ਇਕ ਸੀਨੀਅਰ ਅਧਿਕਾਰੀ ’ਤੇ ਲਾਏ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਸੀ।