
ਸਪੀਕਰ ਤੇ ਕੈਬਨਿਟ ਮੰਤਰੀਆਂ ਨੇ ਪਹਿਲਗਾਮ ਹਮਲੇ ਦੀ ਨਿਖੇਧੀ ਕੀਤੀ
ਚੰਡੀਗੜ੍ਹ,(ਪੰਜਾਬੀ ਰਾਈਟਰ)-ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅਤਿਵਾਦੀ ਹਮਲੇ ਦੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਕੈਬਨਿਟ ਮੰਤਰੀਆਂ ਨੇ ਨਿਖੇਧੀ ਕੀਤੀ ਹੈ। ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅਤਿਵਾਦੀਆਂ ਵੱਲੋਂ ਮਾਸੂਮ ਸੈਲਾਨੀਆਂ ਦੇ ਕਤਲ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਤੇ ਕਿਹਾ ਕਿ ਕੋਈ ਵੀ ਧਰਮ ਮਾਸੂਮ ਲੋਕਾਂ ਦੇ ਕਤਲ ਦੀ ਆਗਿਆ ਨਹੀਂ ਦਿੰਦਾ ਹੈ। ਉਨ੍ਹਾਂ ਕਿਹਾ ਕਿ ਅਤਿਵਾਦੀਆਂ ਨਾਲ ਸਖਤੀ ਨਾਲ ਨਜਿੱਠਿਆ ਜਾਣਾ ਚਾਹੀਦਾ ਹੈ ਤਾਂ ਜੋ ਭਵਿੱਖ ਵਿੱਚ ਅਜਿਹੀ ਘਟਨਾ ਨਾ ਵਾਪਰੇ।
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਬਰਿੰਦਰ ਕੁਮਾਰ ਗੋਇਲ, ਹਰਭਜਨ ਸਿੰਘ ਈਟੀਓ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਪਹਿਲਗਾਮ ਵਿੱਚ ਸੈਲਾਨੀਆਂ ’ਤੇ ਹੋਏ ਅਤਿਵਾਦੀ ਹਮਲੇ ਨੂੰ ‘ਜ਼ਾਲਮਾਨਾ ਤੇ ਬੁਜ਼ਦਿਲੀ’ ਵਾਲੀ ਕਾਰਵਾਈ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਅਤਿਵਾਦੀ, ਗੈਂਗਸਟਰ ਅਤੇ ਸਮਾਜ ਵਿਰੋਧੀ ਹੋਰ ਤੱਤ ਮਿਲ ਕੇ ਇਲਾਕੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਢਾਹ ਲਾ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਹਮਲੇ ਲਈ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਸੁਰੱਖਿਆ ਬਣਾਈ ਰੱਖਣ ਲਈ ਸਰਕਾਰ ਦੀ ਵਚਨਬੱਧਤਾ ਦੁਹਰਾਈ।
ਚੀਮਾ ਵੱਲੋਂ ਸ਼ਹੀਦ ਲੈਫ਼ਟੀਨੈਂਟ ਵਿਨੈ ਨਰਵਾਲ ਨੂੰ ਸ਼ਰਧਾਂਜਲੀ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਰਨਾਲ ਪਹੁੰਚ ਕੇ ਪਹਿਲਗਾਮ ਅਤਿਵਾਦੀ ਹਮਲੇ ’ਚ ਸ਼ਹੀਦ ਹੋਏ ਲੈਫ਼ਟੀਨੈਂਟ ਵਿਨੈ ਨਰਵਾਲ ਨੂੰ ਅੰਤਿਮ ਸਸਕਾਰ ਮੌਕੇ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਲੈਫ਼ਟੀਨੈਂਟ ਵਿਨੈ ਨਰਵਾਲ ਦੀ ਸ਼ਹਾਦਤ ਦੇਸ਼ ਲਈ ਵੱਡਾ ਘਾਟਾ ਹੈ ਤੇ ਸੈਨਿਕਾਂ ਦੀ ਜਵਾਨੀ ਨੂੰ ਇਸ ਤਰ੍ਹਾਂ ਖਤਮ ਹੁੰਦੇ ਦੇਖਣਾ ਬੇਹੱਦ ਦੁਖਦਾਈ ਹੈ। ਉਨ੍ਹਾਂ ਆਖਿਆ ਕਿ ਕੇਂਦਰ ਸਰਕਾਰ ਨੂੰ ਅਜਿਹੀਆਂ ਘਟਨਾਵਾਂ ਮੁੜ ਵਾਪਰਨ ਤੋਂ ਰੋਕਣ ਲਈ ਫ਼ੈਸਲਾਕੁੰਨ ਕਾਰਵਾਈ ਕਰਨੀ ਚਾਹੀਦੀ ਹੈ।