ਬਜਟ ਸੈਸ਼ਨ ਦੌਰਾਨ ‘ਆਪ’ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰਦੀ ਰਹੀ: ਬਾਜਵਾ

ਬਜਟ ਸੈਸ਼ਨ ਦੌਰਾਨ ‘ਆਪ’ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰਦੀ ਰਹੀ: ਬਾਜਵਾ

ਵਿਰੋਧੀ ਧਿਰ ਦੇ ਆਗੂ ਵੱਲੋਂ ਸਰਕਾਰ ’ਤੇ ਜਵਾਬ ਦੇਣ ਤੋਂ ਭੱਜਣ ਦਾ ਦੋਸ਼

ਚੰਡੀਗੜ੍ਹ,(ਪੰਜਾਬੀ ਰਾਈਟਰ)- ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਬਜਟ ਇਜਲਾਸ ਦੇ ਆਖ਼ਰੀ ਦਿਨ ਸਰਕਾਰ ’ਤੇ ਦੋਸ਼ ਲਾਇਆ ਕਿ ਉਹ ਵਿਰੋਧੀ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਲਈ ਉਠਾਏ ਗਏ ਸਵਾਲਾਂ ਦਾ ਜਵਾਬ ਦਿੱਤੇ ਬਿਨਾਂ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਸਦਨ ਵਿਚ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਪੱਖ-ਪਾਤੀ ਵਤੀਰੇ ਨਾਲ ‘ਆਪ’ ਸਰਕਾਰ ਲਗਾਤਾਰ ਮੁੱਖ ਵਿਰੋਧੀ ਪਾਰਟੀ ਕਾਂਗਰਸ ਦੀ ਆਵਾਜ਼ ਨੂੰ ਦਬਾਉਣ ਦੇ ਯਤਨ ਕਰਦੀ ਰਹੀ, ਜੋ ਗ਼ੈਰਜਮਹੂਰੀ ਹੈ।

ਸ੍ਰੀ ਬਾਜਵਾ ਨੇ ਕਿਹਾ ਕਿ ‘ਆਪ’ ਨੇ ਚੋਣਾਂ ਦੌਰਾਨ ਔਰਤਾਂ ਨੂੰ ਇਕ-ਇਕ ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਸੀ, ਪਰ ਤਿੰਨ ਸਾਲ ਬੀਤ ਜਾਣ ਦੇ ਬਾਵਜੂਦ ਹਾਲੇ ਤੱਕ ਪੂਰਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਬਜਟ ਵਿੱਚ ਸਰਕਾਰ ਨੇ ਨੌਜਵਾਨ, ਕਿਸਾਨ, ਵਪਾਰੀ ਸਣੇ ਹਰ ਵਰਗ ਨੂੰ ਨਜ਼ਰਅੰਦਾਜ਼ ਕਰ ਦਿੱਤਾ ਹੈ, ਜਦੋਂ ਵਿਰੋਧੀ ਧਿਰ ਵੱਲੋਂ ਆਵਾਜ਼ ਚੁੱਕੀ ਤਾਂ ਸਰਕਾਰ ਨੇ ਇਨ੍ਹਾਂ ਸਵਾਲਾਂ ਦਾ ਕੋਈ ਜਵਾਬ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਕਾਂਗਰਸੀ ਵਿਧਾਇਕਾਂ ਨੇ ਫੌਜ ਦੇ ਸੇਵਾਮੁਕਤ ਕਰਨਲ ਪੁਸ਼ਪਿੰਦਰ ਸਿੰਘ ਬਾਠ ਨੂੰ ਬੁਰੀ ਤਰ੍ਹਾਂ ਕੁੱਟਣ ਦਾ ਮੁੱਦਾ ਚੁੱਕਿਆ, ਸਰਕਾਰ ਉਸ ਬਾਰੇ ਵੀ ਕੋਈ ਠੋਸ ਜਵਾਬ ਨਹੀਂ ਦੇ ਸਕੀ। ਸ੍ਰੀ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਨੇ ਮਾਲਵਾ ਨਹਿਰ ਦੀ ਉਸਾਰੀ ਜਲਦ ਸ਼ੁਰੂ ਕਰਨ ਦਾ ਵਾਅਦਾ ਕੀਤਾ ਸੀ। ਬਜਟ ਵਿੱਚ ਇਸ ਦਾ ਕੋਈ ਜ਼ਿਕਰ ਨਹੀਂ ਕੀਤਾ ਗਿਆ।