ਧਾਮੀ ਨੇ ਬੀਬੀ ਜਗੀਰ ਕੌਰ ਖ਼ਿਲਾਫ਼ ਟਿੱਪਣੀ ਲਈ ਮੁਆਫ਼ੀ ਮੰਗੀ

ਧਾਮੀ ਨੇ ਬੀਬੀ ਜਗੀਰ ਕੌਰ ਖ਼ਿਲਾਫ਼ ਟਿੱਪਣੀ ਲਈ ਮੁਆਫ਼ੀ ਮੰਗੀ

ਅੰਮ੍ਰਿਤਸਰ,(ਪੰਜਾਬੀ ਰਾਈਟਰ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖਤ ਵਿਖੇ ਇੱਕ ਪੱਤਰ ਦੇ ਕੇ ਉਨ੍ਹਾਂ ਕੋਲੋਂ ਜਾਣੇ-ਅਨਜਾਣੇ ਵਿੱਚ ਹੋਈ ਗਲਤੀ ਵਾਸਤੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਸਮੇਤ ਸਮੁੱਚੀਆਂ ਔਰਤਾਂ ਕੋਲੋਂ ਮੁਆਫ਼ੀ ਮੰਗੀ ਹੈ।

ਐਡਵੋਕੇਟ ਧਾਮੀ ਨੇ ਇਹ ਪੱਤਰ ਅਕਾਲ ਤਖ਼ਤ ਦੇ ਸਕੱਤਰੇਤ ਵਿੱਚ ਮੈਨੇਜਰ ਜਸਪਾਲ ਸਿੰਘ ਨੂੰ ਸੌਂਪਿਆ। ਉਨ੍ਹਾਂ ਪੱਤਰ ਵਿੱਚ ਕਿਹਾ ਕਿ ਜਾਣੇ-ਅਣਜਾਣੇ ਵਿੱਚ ਅਪਸ਼ਬਦ ਬੋਲੇ ਗਏ ਹਨ, ਜਿਸ ਦੀ ਉਹ ਖਿਮਾ ਯਾਚਨਾ ਕਰਦੇ ਹਨ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀ ਇੱਕ ਵਿਅਕਤੀ ਨਾਲ ਮੋਬਾਈਲ ਫੋਨ ਉੱਤੇ ਗੱਲ ਕਰਦਿਆਂ ਉਨ੍ਹਾਂ ਕੋਲੋਂ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਖ਼ਿਲਾਫ਼ ਇਤਰਾਯੋਗ ਸ਼ਬਦਾਵਲੀ ਵਰਤੀ ਗਈ ਸੀ। ਉਨ੍ਹਾਂ ਕਿਹਾ ਕਿ ਇੱਕ ਜ਼ਿੰਮੇਵਾਰ ਪੰਥਕ ਅਹੁਦੇ ’ਤੇ ਹੁੰਦਿਆਂ ਉਨ੍ਹਾਂ ਨੂੰ ਅਜਿਹੀ ਸ਼ਬਦਾਵਲੀ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਇੱਕ ਔਰਤ ਪ੍ਰਤੀ ਜੋ ਕੁਝ ਬੋਲਿਆ ਹੈ, ਉਸ ਸਬੰਧੀ ਉਹ ਬੀਬੀ ਜਗੀਰ ਕੌਰ ਅਤੇ ਸਮੁੱਚੀਆਂ ਔਰਤਾਂ ਕੋਲੋਂ ਨਿਮਰਤਾ ਸਹਿਤ ਮੁਆਫ਼ੀ ਮੰਗਦੇ ਹਨ। ਉਨ੍ਹਾਂ ਅਕਾਲ ਤਖਤ ਦੇ ਜਥੇਦਾਰ ਨੂੰ ਅਪੀਲ ਕੀਤੀ ਕਿ ਇਸ ਸਬੰਧੀ ਉਨ੍ਹਾਂ ਨੂੰ ਜੋ ਵੀ ਆਦੇਸ਼ ਦਿੱਤਾ ਜਾਵੇਗਾ, ਉਹ ਸਿਰ ਮੱਥੇ ਪ੍ਰਵਾਨ ਕਰਨਗੇ। ਉਨ੍ਹਾਂ ਇਸ ਸਬੰਧੀ ਜਾਰੀ ਵੀਡੀਓ ਵਿੱਚ ਕਿਹਾ ਕਿ ਬੀਬੀ ਜਗੀਰ ਕੌਰ ਅਤੇ ਸਮੁੱਚੀਆਂ ਔਰਤਾਂ ਸਤਿਕਾਰਯੋਗ ਹਨ। ਜ਼ਿਕਰਯੋਗ ਹੈ ਕਿ ਐਡਵੋਕੇਟ ਧਾਮੀ ਤੇ ਉਸ ਵਿਅਕਤੀ ਵਿਚਾਲੇ ਹੋਈ ਗੱਲਬਾਤ ਦੀ ਇਕ ਆਡੀਓ ਵਾਇਰਲ ਹੋ ਰਹੀ ਹੈ, ਜਿਸ ਵਿਚ ਉਨ੍ਹਾਂ ਵੱਲੋਂ ਬੀਬੀ ਜਗੀਰ ਕੌਰ ਖ਼ਿਲਾਫ਼ ਵਰਤੀ ਇਤਰਾਜ਼ਯੋਗ ਸ਼ਬਦਾਵਲੀ ਸੁਣਾਈ ਦਿੰਦੀ ਹੈ।