
ਬਾਜਵਾ ਤੇ ਮੋਹਿਤ ਮਹਿੰਦਰਾ ਨੇ ਨਾਮਜ਼ਦਗੀ ਪੱਤਰ ਰੱਦ ਕਰਨ ਖ਼ਿਲਾਫ਼ ਸ਼ਿਕਾਇਤ ਕੀਤੀ
ਚੰਡੀਗੜ੍ਹ,(ਪੰਜਾਬੀ ਰਾਈਟਰ)- ਪੰਜਾਬ ਵਿੱਚ 21 ਦਸੰਬਰ ਨੂੰ ਪੰਜ ਨਗਰ ਨਿਗਮਾਂ, 44 ਨਗਰ ਕੌਂਸਲਾਂ/ਨਗਰ ਪੰਚਾਇਤਾਂ ਤੋਂ ਇਲਾਵਾਂ 49 ਵਾਰਡਾਂ ਦੀ ਜ਼ਿਮਨੀ ਚੋਣ ਲਈ ਸੂਬੇ ਭਰ ’ਚ ਚੋਣ ਅਖਾੜਾ ਭਖ ਗਿਆ ਹੈ। ਇਸ ਦੇ ਨਾਲ ਹੀ ਸੂਬੇ ’ਚ ਵੱਖ-ਵੱਖ ਥਾਵਾਂ ’ਤੇ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਪੰਜਾਬ ਰਾਜ ਚੋਣ ਕਮਿਸ਼ਨ ਕੋਲ ਸ਼ਿਕਾਇਤਾਂ ਪਹੁੰਚਣੀਆਂ ਸ਼ੁਰੂ ਹੋ ਗਈਆਂ ਹਨ। ਪੰਜਾਬ ਰਾਜ ਚੋਣ ਕਮਿਸ਼ਨਰ ਕੋਲ 15 ਤੋਂ ਵੱਧ ਸ਼ਿਕਾਇਤਾਂ ਪਹੁੰਚ ਚੁੱਕੀਆਂ ਹਨ, ਜਿਸ ਦੀ ਚੋਣ ਕਮਿਸ਼ਨ ਪੜਤਾਲ ਕਰ ਰਿਹਾ ਹੈ।
ਅੱਜ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਨੇ ਚੰਡੀਗੜ੍ਹ ਦੇ ਸੈਕਟਰ-17 ਸਥਿਤ ਰਾਜ ਚੋਣ ਕਮਿਸ਼ਨ ਦੇ ਦਫ਼ਤਰ ’ਚ ਪਟਿਆਲਾ ਨਿਗਮ ਤੇ ਮਿਊਂਸਿਪਲ ਕਮੇਟੀ ਦੀਆਂ ਚੋਣਾਂ ਵਿੱਚ ਨਾਮਜ਼ਦਗੀ ਭਰਨ ’ਚ ਹੋਈਆਂ ਧਾਂਦਲੀਆਂ ਸਬੰਧੀ ਸ਼ਿਕਾਇਤ ਦਿੱਤੀ ਹੈ। ਬਾਜਵਾ ਤੇ ਮਹਿੰਦਰਾ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਦੇ ਵਫ਼ਦ ਨੇ ਰਾਜ ਚੋਣ ਕਮਿਸ਼ਨਰ ਆਰ.ਕੇ. ਚੌਧਰੀ ਨੂੰ ਮਿਲ ਕੇ ਕਿਹਾ ਕਿ ‘ਆਪ’ ਆਗੂਆਂ ਵੱਲੋਂ ਤਾਇਨਾਤ ਵਿਅਕਤੀਆਂ ਨੇ ਕਾਂਗਰਸੀ ਉਮੀਦਵਾਰਾਂ ਨੂੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਰੋਕਿਆ ਗਿਆ ਤੇ ਕਈਆਂ ਦੇ ਨਾਮਜ਼ਦਗੀ ਪੱਤਰ ਪਾੜ ਦਿੱਤੇ ਹਨ। ਇਸੇ ਕਰਕੇ ਪਟਿਆਲਾ ਵਿੱਚ ਕਾਂਗਰਸ ਦੇ ਸਿਰਫ਼ 27 ਉਮੀਦਵਾਰ ਹੀ ਨਾਮਜ਼ਦਗੀ ਪੱਤਰ ਦਾਖਲ ਕਰ ਸਕੇ। ਉਨ੍ਹਾਂ ਕਿਹਾ ਕਿ ਇਹ ਸਭ ਕੁਝ ਪੁਲੀਸ ਦੀ ਮੌਜੂਦਗੀ ਵਿੱਚ ਹੋਇਆ ਹੈ ਤੇ ਪਾਰਟੀ ਨਾਮਜ਼ਦਗੀ ਪੱਤਰ ਰੱਦ ਕੀਤੇ ਜਾਣ ਵਿਰੁੱਧ ਸੁਪਰੀਮ ਕੋਰਟ ’ਚ ਪਟੀਸ਼ਨ ਦਾਇਰ ਕਰੇਗੀ।
ਭਾਜਪਾ ਨੇ ਕੌਮੀ ਮਹਿਲਾ ਕਮਿਸ਼ਨਰ ਕੋਲ ਕੀਤੀ ਸ਼ਿਕਾਇਤ
ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਪਟਿਆਲਾ ਵਿੱਚ ਨਗਰ ਨਿਗਮ ਚੋਣਾਂ ’ਚ ਨਾਮਜ਼ਦਗੀ ਪੱਤਰ ਭਰਨ ਦੌਰਾਨ ਮਹਿਲਾ ਉਮੀਦਵਾਰਾਂ ਨਾਲ ਹੋਈ ਵਧੀਕੀ ਦੀ ਨਿਖੇਧੀ ਕੀਤੀ ਤੇ ਕੌਮੀ ਮਹਿਲਾ ਕਮਿਸ਼ਨ ਤੋਂ ਮੰਗ ਕੀਤੀ ਕਿ ਜਾਂਚ ਕਰਕੇ ਕਸੂਰਵਾਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਜੈ ਇੰਦਰ ਕੌਰ ਨੇ ਕੌਮੀ ਮਹਿਲਾ ਕਮਿਸ਼ਨ ਨੂੰ ਵੀ ਇਸ ਸਬੰਧੀ ਕਾਰਵਾਈ ਲਈ ਪੱਤਰ ਲਿਖਿਆ ਹੈ।