
ਪੰਜਾਬ ਵਿਧਾਨ ਸਭਾ ਸੈਸ਼ਨ: ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਸੂਬਾ ਸਰਕਾਰ ਨੂੰ ਘੇਰਿਆ
ਚੰਡੀਗੜ੍ਹ (ਪੰਜਾਬੀ ਰਾਈਟਰ)- ਪੰਜਾਬ ਵਿਧਾਨ ਸਭਾ ਸੈਸ਼ਨ: ਪੰਜਾਬ ਕਾਂਗਰਸ ਤੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਪੰਜਾਬ ਸਰਕਾਰ ਤੇ ਤਿੱਖੇ ਹਮਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ। ਪਰ ਸੂਬਾ ਸਰਕਾਰ ਇਸ ਬਾਰੇ ਗੱਲਬਾਤ ਕਰਨ ਤੋਂ ਭੱਜ ਰਹੀ ਹੈ।
ਸ੍ਰੀ ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਵਿਰੋਧੀ ਧਿਰ ਵਿੱਚ ਹੁੰਦਿਆਂ ਵਿਧਾਨ ਸਭਾ ਦੇ ਸੈਸ਼ਨ ਦਾ ਸਮਾਂ ਵਧਾਉਣ ਦੀ ਮੰਗ ਕੀਤੀ ਜਾਂਦੀ ਸੀ, ਪਰ ਸੱਤਾ ਵਿੱਚ ਆਉਣ ਤੋਂ ਬਾਅਦ ਉਹ ਸੈਸ਼ਨ ਬੁਲਾਉਣ ਤੋਂ ਭੱਜ ਰਹੀ ਹੈ। ਜਿਸ ਨੇ ਸਰਦ ਰੁੱਤ ਇਜਲਾਸ ਵੀ ਨਹੀਂ ਬੁਲਾਇਆ। ਉਨ੍ਹਾਂ ਕਿਹਾ ਕਿ ਪੰਜਾਬ ਦੀ ਲਗਾਤਾਰ ਵਿਗੜ ਰਹੀ ਆਰਥਿਕ ਹਾਲਤ ਅਤੇ ਹੋਰਨਾਂ ਮੁੱਦਿਆਂ ਨੂੰ ਲੈ ਕੇ ਵਿਰੋਧੀ ਧਿਰ ਵੱਲੋਂ ਵਿਧਾਨ ਸਭਾ ਵਿੱਚ ਸਰਕਾਰ ਨੂੰ ਘੇਰਿਆ ਜਾਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਦਾ ਦੋ ਦਿਨਾ ਸੈਸ਼ਨ ਅੱਜ ਸ਼ੁਰੂ ਹੋ ਰਿਹਾ ਹੈ।