
ਵਿਰੋਧੀ ਧਿਰ ਦੇ ਆਗੂ ਵੱਲੋਂ ਪੰਜਾਬੀਆਂ ਨੂੰ ਇਕੱਠੇ ਹੋਣ ਦਾ ਸੱਦਾ
ਚੰਡੀਗੜ੍ਹ,(ਪੰਜਾਬੀ ਰਾਈਟਰ)- ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ’ਤੇ ਗੈਰ ਪੰਜਾਬੀਆਂ ਨੇ ਕਬਜ਼ਾ ਕੀਤਾ ਹੋਇਆ ਹੈ, ਜਿਨ੍ਹਾਂ ਵੱਲੋਂ ਪੰਜਾਬ ਨੂੰ ਲੁੱਟਿਆ ਜਾ ਰਿਹਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਉਨ੍ਹਾਂ ਪੰਜਾਬ ਵਿਧਾਨ ਸਭਾ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਸ੍ਰੀ ਬਾਜਵਾ ਨੇ ਕਿਹਾ ਕਿ ਪੰਜਾਬੀ ਬਹੁਤ ਹੀ ਸਮਝਦਾਰ ਤੇ ਕਾਬਲ ਕੌਮ ਹੈ, ਜੋ ਕਿ ਦੁਨੀਆ ਭਰ ਵਿੱਚ ਜਾਣੀ ਜਾਂਦੀ ਹੈ। ਇਸ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦਾ ਸ਼ਾਸਨ ਪੂਰੀ ਤਰ੍ਹਾਂ ਬਾਹਰ ਦੇ ਲੋਕਾਂ ਦੇ ਹੱਥ ਵਿੱਚ ਫੜਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਰਫ਼ ਕਠਪੁਤਲੀ ਬਣ ਕੇ ਰਹਿ ਗਏ ਹਨ। ਸ੍ਰੀ ਬਾਜਵਾ ਨੇ ਕਿਹਾ ਕਿ ਪੰਜਾਬ ਵਿੱਚ ਸਲਾਹਕਾਰ ਵੈਭਵ ਕੁਮਾਰ ਪੰਜਾਬ ਤੋਂ ਬਾਹਰ ਦੇ ਹਨ, ਹੁਣ ਮਨੀਸ਼ ਸਿਸੋਦੀਆ ਤੇ ਸਤਿੰਦਰ ਜੈਨ ਵੀ ਪੰਜਾਬ ਵਿੱਚ ਆ ਗਏ ਹਨ। ਇਸ ਤੋਂ ਇਲਾਵਾ ਪੰਜਾਬ ਦਾ ਮੁੱਖ ਸਕੱਤਰ, ਗ੍ਰਹਿ ਸਕੱਤਰ ਅਤੇ ਡੀਜੀਪੀ ਵੀ ਪੰਜਾਬ ਤੋਂ ਬਾਹਰ ਦੇ ਲਗਾਏ ਹੋਏ ਹਨ। ਜਿਨ੍ਹਾਂ ਨੇ ਪੰਜਾਬ ਦੇ ਵਾਤਾਵਰਨ ਨੂੰ ਵਿਗਾੜ ਕੇ ਰੱਖ ਦਿੱਤਾ ਹੈ। ਪੰਜਾਬ ਆਰਥਿਕ ਪੱਖ ਤੋਂ ਦੇਸ਼ ਦਾ ਸਭ ਤੋਂ ਕਮਜ਼ੋਰ ਸੂਬਾ ਬਣ ਚੁੱਕਿਆ ਹੈ। ‘ਆਪ’ ਵੱਲੋਂ ਚੋਣਾਂ ਤੋਂ ਪਹਿਲਾਂ ਕਰਜ਼ਾ ਨਾ ਲੈਣ ਦਾ ਦਾਅਵਾ ਕੀਤਾ ਜਾਂਦਾ ਸੀ, ਪਰ ਹੁਣ ਤੱਕ ਉਹ 1.20 ਲੱਖ ਕਰੋੜ ਰੁਪਏ ਦਾ ਕਰਜ਼ਾ ਲੈ ਚੁੱਕੇ ਹਨ। ਇਸ ਤੋਂ ਇਲਾਵਾ ਪੰਜਾਬ ਪ੍ਰਤੀ ਵਿਅਕਤੀ ਆਮਦਨ ਵਿੱਚ ਵੀ 19ਵੇਂ ਨੰਬਰ ’ਤੇ ਪਹੁੰਚ ਗਿਆ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੀ ਦਿੱਲੀ ਟੀਮ ਦੇ ਕਰੀਬ ਦੋ ਹਜ਼ਾਰ ਦੇ ਕਰੀਬ ਮੈਂਬਰ ਪੰਜਾਬ ਵਿੱਚ ਸਿੱਧੇ ਤੇ ਅਸਿੱਧੇ ਢੰਗ ਨਾਲ ਫਿੱਟ ਕੀਤੇ ਜਾ ਰਹੇ ਹਨ। ਉਨ੍ਹਾਂ ਪੰਜਾਬੀਆਂ ਨੂੰ ਸੱਦਾ ਦਿੱਤਾ ਕਿ ਸਾਰੇ ਇਕੱਠੇ ਹੋ ਕੇ ਪੰਜਾਬ ਨੂੰ ਬਚਾਈਏ।