ਬੰਦੀ ਸਿੰਘਾਂ ਦੀ ਰਿਹਾਈ ਲਈ ਅਕਾਲੀ ਦਲ ਦੀ ਹਮਾਇਤ ਜ਼ਰੂਰੀ: ਮਜੀਠੀਆ

ਬੰਦੀ ਸਿੰਘਾਂ ਦੀ ਰਿਹਾਈ ਲਈ ਅਕਾਲੀ ਦਲ ਦੀ ਹਮਾਇਤ ਜ਼ਰੂਰੀ: ਮਜੀਠੀਆ

ਤਰਨ ਤਾਰਨ, ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਦੇ ਹੱਕ ਵਿੱਚ ਅੱਜ ਇਲਾਕੇ ਦੇ ਪਿੰਡ ਕੱਦਗਿੱਲ ਵਿੱਚ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਪਣੇ ਵਿਰੋਧੀਆਂ ਅਤੇ ਖਾਸ ਕਰਕੇ ‘ਆਪ’ ਸਰਕਾਰ ’ਤੇ ਤਿੱਖੇ ਸ਼ਬਦੀ ਹਮਲੇ ਕੀਤੇ। ਉਨ੍ਹਾਂ ਲੋਕਾਂ ਨੂੰ ਵਲਟੋਹਾ ਦੇ ਪੱਖ ਵਿੱਚ ਵੋਟ ਦੇਣ ਦੀ ਅਪੀਲ ਕੀਤੀ। ਪਾਰਟੀ ਦੇ ਸੂਬਾ ਜਨਰਲ ਸਕੱਤਰ ਇਕਬਾਲ ਸਿੰਘ ਸੰਧੂ ਦੀ ਅਗਵਾਈ ਵਿੱਚ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮੌਜੂਦਾ ਹਾਲਾਤ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਲਈ ਅਕਾਲੀ ਦਲ ਨੂੰ ਵੋਟ ਦੇਣਾ ਬਹੁਤ ਜ਼ਰੂਰੀ ਹੈ| ਉਨ੍ਹਾਂ ਦਿੱਲੀ ਦੇ ਆਗੂਆਂ ਦੇ ਇਸ਼ਾਰਿਆਂ ’ਤੇ ਸੂਬੇ ਨੂੰ ਮਾਲੀ ਤੌਰ ਉੱਤੇ ਕਮਜ਼ੋਰ ਕਰਨ ਦੀਆਂ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਨੀਤੀਆਂ ਦੀ ਨਿਖੇਧੀ ਕੀਤੀ। ਉਨ੍ਹਾਂ ਪਾਰਟੀ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਦੇ ਐੱਨਐੱਸਏ ਤਹਿਤ ਤਤਕਾਲੀ ਕਾਂਗਰਸ ਸਰਕਾਰ ਦੇ ਜਬਰ ਖਿਲਾਫ਼ 10 ਸਾਲ ਦੀ ਜੇਲ੍ਹ ਕੱਟਣ ਅਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਾ ਦੀ ਗੋਦ ਦਾ ਨਿੱਘ ਮਾਨਣ ਕਰਕੇ ਉਨ੍ਹਾਂ ਨੂੰ ਵੋਟ ਦੇਣ ਦੀ ਅਪੀਲ ਕੀਤੀ| ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਉਹ ਦੇਸ਼ ਦੀ ਸੰਸਦ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਤੋਂ ਇਲਾਵਾ ਸੂਬੇ ਦੇ ਹੋਰ ਭਖ਼ਦੇ ਮਸਲਿਆਂ ਲਈ ਆਵਾਜ਼ ਚੁੱਕਣਗੇ। ਇਸ ਮੌਕੇ ਕੁਲਦੀਪ ਸਿੰਘ ਔਲਖ, ਦਲਬੀਰ ਸਿੰਘ ਜਹਾਂਗੀਰ, ਯੂਥ ਆਗੂ ਜਗਜੀਤ ਸਿੰਘ ਜੱਗੀ, ਜ਼ਿਲ੍ਹਾ ਪਰਿਸ਼ਦ ਮੈਂਬਰ ਰੁਪਿੰਦਰ ਕੌਰ ਬ੍ਰਹਮਪੁਰਾ ਨੇ ਵੀ ਸੰਬੋਧਨ ਕੀਤਾ|