
ਏਡੀਸੀ ਦੀ ਅਗਵਾਈ ਹੇਠ ਹੱਦਬੰਦੀ ਕਰਨ ਆਈ ਟੀਮ ਦਾ ਵਿਰੋਧ
ਰਾਮਪੁਰਾ ਫੂਲ,(ਪੰਜਾਬੀ ਰਾਈਟਰ)- ਪਿੰਡ ਜਿਉਂਦ ਵਿੱਚ ਚੱਲ ਰਹੇ ਜ਼ਮੀਨੀ ਮਾਮਲੇ ਵਿੱਚ ਅੱਜ ਹੱਦਬੰਦੀ ਕਰਨ ਆਈ ਪ੍ਰਸ਼ਾਸਨ ਦੀ ਟੀਮ ਅਤੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੀ ਅਗਵਾਈ ਹੇਠ ਕਿਸਾਨ ਆਹਮੋ-ਸਾਹਮਣੇ ਹੋ ਗਏ। ਬਠਿੰਡਾ ਦੇ ਏਡੀਸੀ ਦੀ ਅਗਵਾਈ ਹੇਠ ਪ੍ਰਸ਼ਾਸਨ ਦੀ ਟੀਮ ਵੱਡੀ ਗਿਣਤੀ ਪੁਲੀਸ ਫੋਰਸ ਸਣੇ ਅੱਜ ਸਵੇਰੇ ਜਿਉਂਦ ਵਿੱਚ ਜ਼ਮੀਨ ਦੀ ਹੱਦਬੰਦੀ ਕਰਨ ਆਈ ਸੀ।
ਇਸ ਤੋਂ ਪਹਿਲਾਂ ਹੀ ਇੱਥੇ ਬੀਕੇਯੂ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਜਰਨਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਦੀ ਅਗਵਾਈ ਵਿੱਚ ਵੱਡੀ ਗਿਣਤੀ ਕਿਸਾਨ ਇਕੱਠੇ ਹੋ ਗਏ। ਇਸ ਦੌਰਾਨ ਕਿਸਾਨਾਂ ਨੇ ਜ਼ਮੀਨ ਦੀ ਹੱਦਬੰਦੀ ਕਰਨ ਆਏ ਅਧਿਕਾਰੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਸਥਿਤੀ ਤਣਾਅਪੂਰਨ ਹੋ ਗਈ। ਇਸ ਦੌਰਾਨ ਕਿਸਾਨਾਂ ਤੇ ਪੁਲੀਸ ਦੀ ਖਿੱਚ-ਧੂਹ ਹੋ ਗਈ। ਕਿਸਾਨਾਂ ਦੀ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਬਹਿਸ ਵੀ ਹੋਈ। ਦੋਵਾਂ ਧਿਰਾਂ ਨੇ ਇੱਕ-ਦੂਜੇ ’ਤੇ ਬਲ ਪ੍ਰਯੋਗ ਦੇ ਦੋਸ਼ ਵੀ ਲਗਾਏ। ਪਿੰਡ ਵਾਸੀਆਂ ਨੇ ਦੱਸਿਆ ਕਿ ਉਹ ਉੰਨਾ ਚਿਰ ਜ਼ਮੀਨ ਦੀ ਮੁਰੱਬੇਬੰਦੀ, ਨਕਸ਼ਾ ਅਤੇ ਹੱਦਬੰਦੀ ਨਹੀਂ ਹੋਣ ਦੇਣਗੇ ਜਿੰਨਾ ਚਿਰ ਕਾਸ਼ਤਕਾਰਾਂ ਨੂੰ ਉਨ੍ਹਾਂ ਦੇ ਹੱਕ ਨਹੀਂ ਦਿੱਤੇ ਜਾਂਦੇ। ਝੰਡਾ ਸਿੰਘ ਜੇਠੂਕੇ ਨੇ ਕਿਹਾ ਕਿ ਉਹ 30 ਜਨਵਰੀ ਤੱਕ ਪਿੰਡ ਵਿੱਚ ਪੱਕਾ ਮੋਰਚਾ ਲਾ ਕੇ ਪ੍ਰਸ਼ਾਸਨ ਦਾ ਤਿੱਖਾ ਵਿਰੋਧ ਕਰਦਿਆਂ ਪ੍ਰਦਰਸ਼ਨ ਕਰਨਗੇ।
ਇਸ ਮੌਕੇ ਪਹੁੰਚੇ ਏਡੀਸੀ ਨਰਿੰਦਰ ਸਿੰਘ ਨੇ ਕਿਹਾ ਕਿ ਉਹ ਹਾਈ ਕੋਰਟ ਦੇ ਹੁਕਮਾਂ ’ਤੇ ਪਿੰਡ ਜਿਉਂਦ ਵਿੱਚ ਹੱਦਬੰਦੀ ਕਰਨ ਲਈ ਪਹੁੰਚੇ ਸਨ। ਇੱਥੇ ਲੋਕਾਂ ਵੱਲੋਂ ਉਨ੍ਹਾਂ ਵਿਰੋਧ ਕੀਤਾ ਗਿਆ। ਇਸ ਦੌਰਾਨ ਖਿੱਚਧੂਹ ਵਿੱਚ ਪੁਲੀਸ ਅਧਿਕਾਰੀ ਜ਼ਖ਼ਮੀ ਹੋ ਗਏ। ਉਨ੍ਹਾਂ ਕਿਹਾ ਕਿ ਸਥਿਤੀ ਨੂੰ ਵੇਖਦਿਆਂ ਹੱਦਬੰਦੀ ਦਾ ਕੰਮ ਬੰਦ ਕਰ ਦਿੱਤਾ ਗਿਆ ਹੈ। ਥਾਣਾ ਸਦਰ ਰਾਮਪੁਰਾ ਦੇ ਮੁਖੀ ਜੋਗਿੰਦਰ ਸਿੰਘ ਨੇ ਕਿਹਾ ਕਿ ਇਸ ਸਬੰਧੀ ਪੁਲੀਸ ਵੱਲੋਂ ਕੇਸ ਦਰਜ ਕੀਤੇ ਜਾ ਰਹੇ ਹਨ।