
ਪੱਟੀ,(ਪੰਜਾਬੀ ਰਾਈਟਰ)- ਨੇੜਲੇ ਪਿੰਡ ਸਭਰਾ ਵਿੱਚ ਅੱਜ ਦੁਪਹਿਰ ਬਾਅਦ ਰੇਤੇ ਦੀ ਖੱਡ ਲੱਗਣ ਕਾਰਨ ਕਿਸਾਨ ਅਤੇ ਪੁਲੀਸ ਆਹਮੋ-ਸਾਹਮਣੇ ਹੋ ਗਿਆ। ਇਸ ਦੌਰਾਨ ਪੁਲੀਸ ਵੱਲੋਂ ਦਰਜਨ ਤੋਂ ਵੱਧ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਅੱਜ ਜਦੋਂ ਪੁਲੀਸ ਰੇਤ ਦੀ ਖੱਡ ਨੂੰ ਚਾਲੂ ਕਰਵਾਉਣ ਲਈ ਪਿੰਡ ਸਭਰਾ ਪਹੁੰਚੀ ਤਾਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਵਰਕਰਾਂ ਵੱਲੋਂ ਪੁਲੀਸ ਅਤੇ ਰੇਤ ਦੇ ਠੇਕੇਦਾਰਾਂ ਦਾ ਸ਼ਾਂਤਮਈ ਵਿਰੋਧ ਕੀਤਾ ਗਿਆ। ਇਸ ਦੌਰਾਨ ਪੁਲੀਸ ਨੇ ਕਈ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ। ਸੂਤਰਾਂ ਅਨੁਸਾਰ ਪੁਲੀਸ ਕਾਰਵਾਈ ਦੇ ਵਿਰੋਧ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਕਿਸਾਨ ਸੰਘਰਸ਼ ਕਮੇਟੀ ਕੋਟ ਬੁੱਢਾ ਅਤੇ ਉਗਰਾਹਾਂ ਜਥੇਬੰਦੀ ਵੱਲੋਂ ਪਿੰਡ ਸਭਰਾ ਵਿੱਚ ਸਾਂਝਾ ਪ੍ਰੋਗਰਾਮ ਉਲੀਕਿਆ ਗਿਆ ਹੈ। ਕਿਸਾਨ ਆਗੂ ਸੋਹਣ ਸਿੰਘ ਨੇ ਕਿਹਾ ਕਿ ਇਸ ਇਲਾਕੇ ਵਿੱਚ ਸਤਲੁਜ ਦਰਿਆ ਦਾ ਧੁੱਸੀ ਬੰਨ੍ਹ ਟੁੱਟਣ ਕਰਕੇ ਵੱਡੀ ਪੱਧਰ ’ਤੇ ਨੁਕਸਾਨ ਹੋਇਆ ਸੀ। ਉਸ ਦਾ ਮੁਆਵਜ਼ਾ ਨਹੀਂ ਮਿਲਿਆ। ਤਹਿਸੀਲਦਾਰ ਲਛਮਣ ਸਿੰਘ ਨੇ ਕਿਹਾ ਕਿ ਇਹ ਖੱਡ ਦੋ ਸਾਲ ਪਹਿਲਾਂ ਪਾਸ ਹੋ ਚੁੱਕੀ ਹੈ ਪਰ ਕੁਝ ਲੋਕ ਕਿਸਾਨਾਂ ਨੂੰ ਇਸ ਵਿਰੁੱਧ ਭੜਕਾ ਰਹੇ ਹਨ। ਇਹ ਖੱਡ ਲੱਗਣ ਨਾਲ ਧੁੱਸੀ ਬੰਨ੍ਹ ਨੂੰ ਕੋਈ ਖ਼ਤਰਾ ਨਹੀਂ ਹੋਵੇਗਾ। ਐੱਸਪੀ ਅਜੈ ਰਾਜ ਸਿੰਘ ਨੇ ਕਿਹਾ ਕਿ ਸਰਕਾਰੀ ਕੰਮ ਵਿੱਚ ਕਿਸੇ ਨੂੰ ਵਿਘਨ ਪਾਉਣ ਅਤੇ ਕਾਨੂੰਨ ਨੂੰ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।