ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਤਨਖ਼ਾਹ ਲਾਈ

ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਤਨਖ਼ਾਹ ਲਾਈ

ਅੰਮ੍ਰਿਤਸਰ, - ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਅੱਜ ਸ੍ਰੀ ਅਕਾਲ ਤਖ਼ਤ ਤੋਂ ਤਨਖਾਹ ਲਾਈ ਗਈ ਹੈ। ਸਾਬਕਾ ਜਥੇਦਾਰ ਨੂੰ ਦਸੰਬਰ 2022 ਵਿੱਚ ਸ੍ਰੀ ਅਕਾਲ ਤਖ਼ਤ ਤੋਂ ਤਨਖਾਹੀਆ ਕਰਾਰ ਦਿੱਤਾ ਗਿਆ ਸੀ। ਉਨ੍ਹਾਂ ਖ਼ਿਲਾਫ਼ ਤਖਤ ਸ੍ਰੀ ਪਟਨਾ ਸਾਹਿਬ ਵਿਖੇ ਪ੍ਰਬੰਧਾਂ ਵਿੱਚ ਵਿਘਨ ਪਾਉਣ ਦੇ ਦੋਸ਼ ਲਾਏ ਗਏ ਸਨ। ਗਿਆਨੀ ਇਕਬਾਲ ਸਿੰਘ ਵੱਲੋਂ ਇਸ ਮਾਮਲੇ ਵਿੱਚ ਮੁਆਫ਼ੀ ਮੰਗੇ ਜਾਣ ਮਗਰੋਂ ਅੱਜ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਤਨਖਾਹ ਲਾਈ ਗਈ ਹੈ। ਸ੍ਰੀ ਅਕਾਲ ਤਖ਼ਤ ਦੀ ਫਸੀਲ ਤੋਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇਸ ਸਬੰਧੀ ਆਦੇਸ਼ ਜਾਰੀ ਕਰਦਿਆਂ ਉਨ੍ਹਾਂ ਨੂੰ 11 ਦਿਨ ਜਪੁਜੀ ਸਾਹਿਬ ਦਾ ਪਾਠ ਕਰਨ, ਇਸ ਦੌਰਾਨ ਰੋਜ਼ ਘੰਟਾ ਗੁਰਬਾਣੀ ਦਾ ਕੀਰਤਨ ਸੁਣਨ ਅਤੇ ਧਾਰਮਿਕ ਸਜ਼ਾ ਪੂਰੀ ਹੋਣ ਮਗਰੋਂ ਸ੍ਰੀ ਅਕਾਲ ਤਖ਼ਤ ਵਿਖੇ 500 ਰੁਪਏ ਦੀ ਕੜਾਹ ਪ੍ਰਸ਼ਾਦ ਦੀ ਦੇਗ ਕਰਵਾ ਕੇ ਮੁਆਫ਼ੀ ਸਬੰਧੀ ਅਰਦਾਸ ਕਰਵਾਉਣ ਲਈ ਕਿਹਾ। ਇਸੇ ਤਰ੍ਹਾਂ ਸ੍ਰੀ ਗੁਰੂ ਸਿੰਘ ਸਭਾ ਇੰਦੌਰ ਦੇ ਨਾਮਜ਼ਦ ਮੈਂਬਰ ਜਗਜੀਤ ਸਿੰਘ ਨੂੰ ਸਿੰਘ ਸਭਾ ਦੀਆਂ ਚੋਣਾਂ ਵਿੱਚ ਅੜਿੱਕਾ ਪਾਉਣ ਅਤੇ ਸ੍ਰੀ ਅਕਾਲ ਤਖ਼ਤ ਦੇ ਆਦੇਸ਼ਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਤਨਖਾਹ ਲਾਈ ਗਈ। ਇਸ ਤੋਂ ਇਲਾਵਾ ਦੋ ਹੋਰ ਮਾਮਲਿਆਂ ਨੂੰ ਫਿਰ ਫਿਲਹਾਲ ਅਗਾਂਹ ਪਾ ਦਿੱਤਾ ਗਿਆ ਹੈ।