ਮੁੱਖ ਮੰਤਰੀ ਦੀ ਕੋਠੀ ਅੱਗੇ ਬੇਰੁਜ਼ਗਾਰਾਂ ਤੇ ਪੁਲੀਸ ਵਿਚਾਲੇ ਖਿੱਚ-ਧੂਹ

ਮੁੱਖ ਮੰਤਰੀ ਦੀ ਕੋਠੀ ਅੱਗੇ ਬੇਰੁਜ਼ਗਾਰਾਂ ਤੇ ਪੁਲੀਸ ਵਿਚਾਲੇ ਖਿੱਚ-ਧੂਹ

ਪੁਲੀਸ ਨੇ ਨਾਕਾ ਲਗਾ ਕੇ ਨੌਜਵਾਨਾਂ ਨੂੰ ਅੱਗੇ ਵਧਣ ਤੋਂ ਰੋਕਿਆ; ਬੇਰੁਜ਼ਗਾਰਾਂ ਨੇ ਸੜਕ ’ਤੇ ਆਵਾਜਾਈ ਠੱਪ ਕਰਕੇ ਲਾਇਆ ਧਰਨਾ

ਸੰਗਰੂਰ,(ਪੰਜਾਬੀ ਰਾਈਟਰ)- ਇੱਥੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਪੁੱਜੇ ਬੇਰੁਜ਼ਗਾਰਾਂ ਤੇ ਪੁਲੀਸ ਵਿਚਕਾਰ ਅੱਜ ਖਿੱਚ-ਧੂਹ ਹੋਈ। ਪੁਲੀਸ ਵੱਲੋਂ ਬੇਰੁਜ਼ਗਾਰਾਂ ਨੂੰ ਅੱਗੇ ਨਾ ਵਧਣ ਦੇਣ ’ਤੇ ਉਨ੍ਹਾਂ ਸੜਕ ’ਤੇ ਆਵਾਜਾਈ ਠੱਪ ਕਰਕੇ ਧਰਨਾ ਲਾ ਦਿੱਤਾ। ਬੇਰੁਜ਼ਗਾਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਬੇਰੁਜ਼ਗਾਰ ਸਾਂਝੇ ਮੋਰਚੇ ਦੀ ਅਗਵਾਈ ਹੇਠ ਨੌਜਵਾਨ ਸਥਾਨਕ ਵੇਰਕਾ ਮਿਲਕ ਪਲਾਂਟ ਨੇੜੇ ਇਕੱਠੇ ਹੋਏ ਜਿੱਥੇ ਮੀਟਿੰਗ ਕਰਨ ਤੋਂ ਬਾਅਦ ਉਨ੍ਹਾਂ ਮੁੱਖ

ਮੰਤਰੀ ਦੀ ਕੋਠੀ ਵੱਲ ਰੋਸ ਮਾਰਚ ਕਰਨਾ ਸ਼ੁਰੂ ਕੀਤਾ।

ਜਿਉਂ ਹੀ ਬੇਰੁਜ਼ਗਾਰ ਮੁੱਖ ਮੰਤਰੀ ਦੀ ਰਿਹਾਇਸ਼ ਵਾਲੀ ਕਲੋਨੀ ਦੇ ਮੁੱਖ ਗੇਟ ਨੇੜੇ ਪੁੱਜੇ ਤਾਂ ਵੱਡੀ ਗਿਣਤੀ ’ਚ ਤਾਇਨਾਤ ਪੁਲੀਸ ਮੁਲਾਜ਼ਮਾਂ ਨੇ ਨਾਕਾ ਲਾ ਕੇ ਉਨ੍ਹਾਂ ਨੂੰ ਰੋਕ ਲਿਆ। ਪ੍ਰਦਰਸ਼ਨਕਾਰੀਆਂ ਨੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਪਰ ਪੁਲੀਸ ਵੱਲੋਂ ਅੱਗੇ ਨਾ ਵਧਣ ਦਿੱਤਾ ਗਿਆ। ਇਸ ਦੌਰਾਨ ਬੇਰੁਜ਼ਗਾਰਾਂ ਅਤੇ ਪੁਲੀਸ ਵਿਚਕਾਰ ਖਿੱਚ-ਧੂਹ ਵੀ ਹੋਈ ਅਤੇ ਮਗਰੋਂ ਪ੍ਰਦਰਸ਼ਨਕਾਰੀ ਧਰਨਾ ਲਾ ਕੇ ਬੈਠ ਗਏ। ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਸੂਬਾ ਆਗੂਆਂ ਸੁਖਵਿੰਦਰ ਸਿੰਘ ਢਿੱਲਵਾਂ, ਜਸਵੰਤ ਘੁਬਾਇਆ, ਰਮਨ ਕੁਮਾਰ ਮਲੋਟ, ਜਤਿੰਦਰ ਪਟਿਆਲਾ ਅਤੇ ਅਮਨ ਸੇਖਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ 33 ਮਹੀਨਿਆਂ ਵਿੱਚ ਉਨ੍ਹਾਂ ਦੀ ਇੱਕ ਵੀ ਮੰਗ ਪੂਰੀ ਨਹੀਂ ਕੀਤੀ। ਉਨ੍ਹਾਂ ਮੰਗ ਕੀਤੀ ਕਿ ਮਾਸਟਰ ਕੇਡਰ ਦੀਆਂ ਸਾਰੇ ਵਿਸ਼ਿਆਂ ਦੀਆਂ ਖਾਲੀ ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕੀਤਾ ਜਾਵੇ, ਗ੍ਰੈਜੂਏਸ਼ਨ ਵਿੱਚ 55 ਫ਼ੀਸਦ ਦੀ ਸ਼ਰਤ ਰੱਦ ਕੀਤੀ ਜਾਵੇ, ਉਮਰ ਹੱਦ ਵਿੱਚ ਛੋਟ ਦਿੱਤੀ ਜਾਵੇ, ਆਰਟ ਐਂਡ ਕਰਾਫਟ ਦੀਆਂ 250 ਅਸਾਮੀਆਂ ਦਾ ਲਿਖਤੀ ਪੇਪਰ ਲਿਆ ਜਾਵੇ, ਮਲਟੀਪਰਪਜ਼ ਹੈਲਥ ਵਰਕਰਾਂ ਦੀਆਂ ਖਾਲੀ ਅਸਾਮੀਆਂ ਉਮਰ ਹੱਦ ਛੋਟ ਦੇ ਕੇ ਭਰੀਆਂ ਜਾਣ, ਨੌਕਰੀਆਂ ਲਈ ਬਾਹਰਲੇ ਰਾਜਾਂ ਦਾ ਕੋਟਾ ਸੀਮਤ ਕੀਤਾ ਜਾਵੇ।

ਪ੍ਰਸ਼ਾਸਨ ਵੱਲੋਂ ਮੀਟਿੰਗ ਦੇ ਭਰੋਸੇ ਮਗਰੋਂ ਧਰਨਾ ਸਮਾਪਤ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੈਬਨਿਟ ਸਬ-ਕਮੇਟੀ ਨਾਲ 17 ਦਸੰਬਰ ਦੀ ਮੀਟਿੰਗ ਤੈਅ ਕਰਵਾਈ ਗਈ। ਇਸ ਮਗਰੋਂ ਧਰਨਾ ਸਮਾਪਤ ਕੀਤਾ ਗਿਆ। ਬੇਰੁਜ਼ਗਾਰਾਂ ਨੇ ਐਲਾਨ ਕੀਤਾ ਕਿ ਜੇ 17 ਦਸੰਬਰ ਨੂੰ ਪੈਨਲ ਮੀਟਿੰਗ ਨਾ ਹੋਈ ਜਾਂ ਬੇਸਿੱਟਾ ਰਹੀ ਤਾਂ ਮੁੜ 22 ਦਸੰਬਰ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।