
ਚੰਡੀਗੜ੍ਹ,(ਪੰਜਾਬੀ ਰਾਈਟਰ)- ਚਾਰ ਵਿਧਾਨ ਸਭਾ ਸੀਟਾਂ ’ਤੇ ਹੋਈਆਂ ਜ਼ਿਮਨੀ ਚੋਣਾਂ ਵਿੱਚ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਜੇਤੂ ਰਹੇ ਕਾਂਗਰਸੀ ਆਗੂ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਅੱਜ ਵਿਧਾਇਕ ਵਜੋਂ ਸਹੁੰ ਚੁੱਕ ਲਈ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਸਕੱਤਰੇਤ ਵਿੱਚ ਬਰਨਾਲਾ ਵਿਧਾਨ ਹਲਕਾ ਤੋਂ ਕਾਂਗਰਸ ਪਾਰਟੀ ਦੇ ਨਵੇਂ ਚੁਣੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੂੰ ਵਿਧਾਇਕ ਵਜੋਂ ਸਹੁੰ ਚੁਕਾਈ। ਸਪੀਕਰ ਸੰਧਵਾਂ ਨੇ ਨਵੇਂ ਚੁਣੇ ਵਿਧਾਇਕ ਦਾ ਸਵਾਗਤ ਕੀਤਾ ਤੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
ਇਸ ਮੌਕੇ ਪੰਜਾਬ ਕਾਂਗਰਸ ਪ੍ਰਧਾਨ ਤੇ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ, ਸੀਨੀਅਰ ਕਾਂਗਰਸੀ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਤੇ ਸ੍ਰੀਮਤੀ ਅਰੁਣਾ ਚੌਧਰੀ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਚਾਰ ਵਿਧਾਨ ਸਭਾ ਸੀਟਾਂ ’ਤੇ ਜ਼ਿਮਨੀ ਚੋਣਾਂ ਹੋਈਆਂ ਸਨ। ਇਨ੍ਹਾਂ ਵਿੱਚੋਂ ਆਮ ਆਦਮੀ ਪਾਰਟੀ ਨੇ ਤਿੰਨ ਅਤੇ ਕਾਂਗਰਸ ਨੇ ਇਕ ਸੀਟ ’ਤੇ ਜਿੱਤ ਹਾਸਲ ਕੀਤੀ ਸੀ। ‘ਆਪ’ ਦੇ ਤਿੰਨਾਂ ਵਿਧਾਇਕਾਂ ਨੇ 2 ਦਸੰਬਰ ਨੂੰ ਹਲਫ਼ ਲੈ ਲਿਆ ਸੀ। ਉਸ ਸਮੇਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਵੀ ਮੌਜੂਦ ਰਹੇ ਸਨ ਪਰ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਉਸ ਦਿਨ ਹਲਫ਼ ਨਹੀਂ ਲਿਆ ਸੀ।